| ਪਿੰਡ ਥਰੀਏਵਾਲ ਵਿੱਚ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਅਧਿਕਾਰੀ। (ਜ਼ੀਸ਼ਾਨ) |
ਕਾਦੀਆਂ, 29 ਸਤੰਬਰ (ਜ਼ੀਸ਼ਾਨ) – ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰ ਜੀਤ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਇੰਸਪੈਕਟਰ ਕਮ ਕਲੱਸਟਰ ਅਫਸਰ (ਸਟਬਲ ਬਰਨਿੰਗ) ਨਰਿੰਦਰ ਗੌਤਮ ਨੇ ਪਿੰਡ ਥਰੀਏਵਾਲ ਵਿੱਚ ਕਿਸਾਨਾਂ ਨੂੰ ਮਿਲਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਨੋਡਲ ਅਫਸਰ ਬਿਕਰਮਜੀਤ ਤੇ ਹਲਕਾ ਪਟਵਾਰੀ ਬੋਧ ਰਾਜ ਵੀ ਮੌਜੂਦ ਸਨ।
ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਦਗਾਰ ਬੈਕਟੀਰੀਆ ਵੀ ਖਤਮ ਹੋ ਜਾਂਦੇ ਹਨ, ਜਿਸ ਕਾਰਨ ਕਿਸਾਨਾਂ ਨੂੰ ਅਗਲੇ ਸੀਜ਼ਨ ਵਧੇਰੇ ਖਾਦ ਦੀ ਵਰਤੋਂ ਕਰਨੀ ਪੈਂਦੀ ਹੈ। ਇਸ ਨਾਲ ਨਾ ਸਿਰਫ਼ ਕਿਸਾਨ ਦੀ ਲਾਗਤ ਵਧਦੀ ਹੈ ਬਲਕਿ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਜੀਵ-ਜੰਤੂ, ਪਸ਼ੂ-ਪੰਛੀਆਂ ਅਤੇ ਮਨੁੱਖੀ ਸਿਹਤ ਨੂੰ ਵੀ ਗੰਭੀਰ ਨੁਕਸਾਨ ਪਹੁੰਚਦਾ ਹੈ। ਅੱਗ ਤੋਂ ਉੱਠਣ ਵਾਲੇ ਧੂੰਏਂ ਨਾਲ ਸਾਹ ਦੀਆਂ ਬਿਮਾਰੀਆਂ ਵਿੱਚ ਵੀ ਵਾਧਾ ਹੋ ਜਾਂਦਾ ਹੈ। ਇਸ ਮੌਕੇ ਕਿਸਾਨਾਂ ਨੂੰ ਮਸ਼ੀਨਰੀ ਰਾਹੀਂ ਪਰਾਲੀ ਦੀ ਸਾਂਭ-ਸੰਭਾਲ ਦੇ ਤਰੀਕਿਆਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।