| ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਤੇ ਜਾਗਰੂਕਤਾ ਮੁਹਿੰਮ ਤਹਿਤ ਅਧੀਕਾਰੀ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 26 ਅਕਤੂਬਰ (ਜ਼ੀਸ਼ਾਨ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੇ ਹੁਕਮਾਂ ਤਹਿਤ 'ਪਰਾਲੀ ਪ੍ਰੋਟੈਕਸ਼ਨ ਫੋਰਸ' ਦੀ ਟੀਮ ਨੇ ਪਿੰਡ ਵਡਾਲਾ ਗਰੰਥੀਆਂ, ਰਸੂਲਪੁਰ, ਆਵਾਨ ਤੇ ਦੌਲਤਪੁਰ ਦਾ ਦੌਰਾ ਕੀਤਾ। ਟੀਮ ਨੇ ਪਿੰਡਾਂ ਦੇ ਕਿਸਾਨਾਂ, ਪੰਚਾਂ ਤੇ ਸਰਪੰਚਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।
ਖੇਤੀਬਾੜੀ ਵਿਭਾਗ ਦੇ ਏ.ਡੀ.ਓ ਜੋਬਨਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿਚ 'ਪਰਾਲੀ ਪ੍ਰੋਟੈਕਸ਼ਨ ਫੋਰਸ' ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਸੀਜ਼ਨ ਦੌਰਾਨ ਪਿੰਡਾਂ ਵਿੱਚ ਰਹਿ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇਗੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਮੌਜੂਦਾ ਮਸ਼ੀਨਰੀ ਦੇ ਬਾਵਜੂਦ ਜੇ ਕੋਈ ਕਿਸਾਨ ਪਰਾਲੀ ਸਾੜੇਗਾ ਤਾਂ ਉਸ ਵਿਰੁੱਧ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਕਾਰਵਾਈ ਹੋਵੇਗੀ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਬਹੁਤ ਸਾਰੇ ਕਿਸਾਨ ਪ੍ਰਸ਼ਾਸਨ ਨਾਲ ਸਹਿਯੋਗ ਕਰ ਰਹੇ ਹਨ ਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਜਾਂ ਇਸਨੂੰ ਖੇਤਾਂ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਟੀਮ ਦੇ ਸਿਵਲ ਅਤੇ ਪੁਲਿਸ ਅਧਿਕਾਰੀ ਹਰ ਰੋਜ਼ ਪਿੰਡਾਂ ਦਾ ਦੌਰਾ ਕਰ ਰਹੇ ਹਨ।
ਕਿਸਾਨਾਂ ਨੂੰ ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ਨੰਬਰ 01874-266376 'ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਲੋੜੀਂਦੀ ਖੇਤੀ ਮਸ਼ੀਨਰੀ ਤੁਰੰਤ ਮੁਹੱਈਆ ਕਰਵਾਈ ਜਾ ਸਕੇ।