![]() |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਬਾੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਦੇ ਹੋਏ ਤੇ ਜਾਣਕਾਰੀ ਲੈਂਦੇ ਹੋਏ। (ਜ਼ੀਸ਼ਾਨ) |
ਕਾਦੀਆਂ, 9 ਸਤੰਬਰ (ਜ਼ੀਸ਼ਾਨ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਾੜ੍ਹ ਪ੍ਰਭਾਵਿਤ ਖੇਤਰਾਂ ਲਈ ਵੱਡੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਕ, ਬਾੜ੍ਹ ਵਿਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਅਨਾਥ ਬੱਚਿਆਂ ਲਈ ‘ਪੀ.ਐਮ. ਕੇਅਰਜ਼ ਫਾਰ ਚਿਲਡਰਨ’ ਯੋਜਨਾ ਦੇ ਤਹਿਤ ਖਾਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਸਰਕਾਰ ਨੇ ਦੱਸਿਆ ਕਿ ਕੁਦਰਤੀ ਆਫਤ ਪ੍ਰਬੰਧਨ ਫੰਡ ਦੇ ਤਹਿਤ 12 ਹਜ਼ਾਰ ਕਰੋੜ ਰੁਪਏ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਦਿੱਤੇ ਜਾ ਚੁੱਕੇ ਹਨ। ਨਾਲ ਹੀ ਐਸ.ਡੀ.ਆਰ.ਐਫ. (SDRF) ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਵੀ ਐਡਵਾਂਸ ਵਿਚ ਜਾਰੀ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬਾੜ੍ਹ ਪ੍ਰਭਾਵਿਤ ਖੇਤਰਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਇਕ ਬਹੁ-ਪੱਖੀ ਰਣਨੀਤੀ ਅਪਣਾਈ ਜਾਵੇਗੀ। ਇਸ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਦੁਬਾਰਾ ਤਾਮੀਰ, ਰਾਸ਼ਟਰੀ ਹਾਈਵੇਜ਼ ਦੀ ਮੁਰੰਮਤ, ਸਕੂਲਾਂ ਦੀ ਮੁਰੰਮਤ, PMNRF ਰਾਹੀਂ ਆਰਥਿਕ ਸਹਾਇਤਾ ਅਤੇ ਪਸ਼ੂ ਪਾਲਕਾਂ ਲਈ ਮਿਨੀ ਕਿਟ ਵੰਡਣ ਵਰਗੀਆਂ ਪਹਿਲਾਂ ਸ਼ਾਮਲ ਹੋਣਗੀਆਂ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਾੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ ਅਤੇ ਬਾੜ੍ਹ ਪੀੜਤਾਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਮੰਤਰੀਆਂ, ਅਧਿਕਾਰੀਆਂ ਅਤੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ: “ਅਸੀਂ ਇਸ ਮੁਸ਼ਕਲ ਵੇਲੇ ਵਿੱਚ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।”