ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ। (ਜ਼ੀਸ਼ਾਨ) |
ਕਾਦੀਆਂ, 9 ਸਤੰਬਰ (ਜ਼ੀਸ਼ਾਨ): ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਪਿੰਡ ਕਾਹਲਵਾਂ ਦੇ ਇੱਕ ਗਰੀਬ ਪਰਿਵਾਰ ਦੇ ਕੱਚੇ ਮਕਾਨ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਪਰਿਵਾਰਕ ਮੈਂਬਰ ਕਾਲਾ ਪੁੱਤਰ ਬਲਕਾਰ ਸਿੰਘ ਅਤੇ ਉਸਦੀ ਪਤਨੀ ਰਜਨੀ ਨੇ ਦੱਸਿਆ ਕਿ ਲਗਾਤਾਰ ਮੀਂਹ ਪੈਣ ਕਰਕੇ ਉਨ੍ਹਾਂ ਦੇ ਕੱਚੇ ਮਕਾਨ ਵਿੱਚ ਤਰੇੜਾਂ ਪੈ ਗਈਆਂ ਹਨ, ਇੱਥੋਂ ਤੱਕ ਕਿ ਛੱਤ ਦੇ ਬਾਲੇ ਵੀ ਡਿੱਗਣ ਦੇ ਕਗਾਰ 'ਤੇ ਹਨ ਅਤੇ ਕਿਸੇ ਵੀ ਸਮੇਂ ਛੱਤ ਡਿੱਗ ਸਕਦੀ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਹਨ। ਖਤਰੇ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਪਣੇ ਘਰ ਦਾ ਸਾਰਾ ਸਮਾਨ ਗਵਾਂਢੀਆਂ ਕੋਲ ਰੱਖਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਾਲਾ ਤੇ ਰਜਨੀ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਕੋਲੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ ਅਤੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਆਪਣਾ ਘਰ ਦੁਬਾਰਾ ਤਿਆਰ ਕਰ ਸਕਣ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਜੋ ਯੋਜਨਾ ਚਲਾਈ ਗਈ ਸੀ, ਉਸ ਤਹਿਤ ਉਨ੍ਹਾਂ ਨੇ ਸਾਰੇ ਕਾਗਜ਼ ਜਮ੍ਹਾਂ ਕਰਵਾ ਦਿੱਤੇ ਸਨ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਮੁਆਵਜ਼ਾ ਜਾਰੀ ਨਹੀਂ ਹੋਇਆ।