| ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਿੰਘ ਸਾਹਿਬਾਨ ਪ੍ਰਬੰਧਕ ਮੈਂਬਰਾਂ ਤੇ ਸੰਗਤਾਂ ਸਮੇਤ। (ਜ਼ੀਸ਼ਾਨ) |
ਕਾਦੀਆਂ, 11 ਨਵੰਬਰ (ਜ਼ੀਸ਼ਾਨ) – ਪਿੰਡ ਠੱਕਰ ਸੰਧੂ ਵਿੱਚ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੂੰ ਗੁਰੂ ਬਖ਼ਸ਼ਿਸ਼ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਢਾਡੀ ਜਥੇ ਸ਼ਮਸ਼ੇਰ ਸਿੰਘ ਖੁੰਡਾ ਤੇ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਗਾਇਆ ਗਿਆ। ਵੱਖ-ਵੱਖ ਥਾਵਾਂ 'ਤੇ ਗੁਰੂ ਜੀ ਦੇ ਨਾਮ ਦਾ ਅਤੂਟ ਲੰਗਰ ਵਰਤਾਇਆ ਗਿਆ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਗਤਕੇ ਦੇ ਜੌਹਰ ਵਿਖਾਏ।
ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਅਤੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।