| ਕਾਦੀਆਂ ਚ ਲੇਬਰ ਕੋਡ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਮਜ਼ਦੂਰ ਯੂਨੀਅਨ ਦੇ ਆਗੂ ਆਦਿ। (ਜ਼ੀਸ਼ਾਨ) |
ਕਾਦੀਆਂ, 10 ਜਨਵਰੀ (ਜ਼ੀਸ਼ਾਨ) – ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਵੱਲੋਂ ਕਾਦੀਆਂ ਸ਼ਹਿਰ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਪਾਲ ਸਿੰਘ ਭਾਰੀ (ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਨੇ ਆਪਣੇ ਸਾਥੀਆਂ ਸਮੇਤ ਕੀਤੀ।
ਰੋਸ ਪ੍ਰਦਰਸ਼ਨ ਦੌਰਾਨ ਮਜ਼ਦੂਰ ਆਗੂਆਂ ਨੇ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਮਜ਼ਦੂਰ ਵਿਰੋਧੀ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਪਰਮਪਾਲ ਸਿੰਘ ਭਾਰੀ ਨੇ ਕਿਹਾ ਕਿ ਇਹ ਚਾਰੇ ਲੇਬਰ ਕੋਡ ਕਿਰਤੀ ਵਰਗ ਦੇ ਹੱਕਾਂ 'ਤੇ ਹਮਲਾ ਹਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਲਿਆਂਦੇ ਗਏ ਹਨ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਲੇਬਰ ਕੋਡ ਤੁਰੰਤ ਵਾਪਸ ਨਾ ਲਏ, ਤਾਂ ਮਜ਼ਦੂਰ ਵਰਗ ਵੱਲੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਵੱਡੇ ਪੱਧਰ 'ਤੇ ਸੰਘਰਸ਼ ਛੇੜਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੇ ਪਹਿਲਾਂ ਵੀ ਇਕੱਠੇ ਹੋ ਕੇ ਕਾਲੇ ਕਾਨੂੰਨ ਰੱਦ ਕਰਵਾਏ ਹਨ ਅਤੇ ਇਸ ਵਾਰ ਵੀ ਮਜ਼ਦੂਰ ਵਰਗ ਆਪਣੇ ਹੱਕਾਂ ਲਈ ਡਟ ਕੇ ਲੜੇਗਾ।
ਇਸ ਮੌਕੇ ਰਾਜੂ ਸਿੰਘ, ਮਣੀ, ਪਰਮਾ, ਇਕੱਤਰ ਸਿੰਘ, ਤਰਸੇਮ ਸਿੰਘ, ਰੋਸ਼ਨ ਸਿੰਘ, ਰਾਹੁਲ ਸਮੇਤ ਹੋਰ ਮਜ਼ਦੂਰ ਆਗੂ ਅਤੇ ਮੈਂਬਰ ਹਾਜ਼ਰ ਸਨ।