| ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਸੰਬੰਧੀ ਮੀਟਿੰਗ ਬਾਅਦ ਜਾਣਕਾਰੀ ਦਿੰਦਿਆਂ ਆਗੂ। (ਜ਼ੀਸ਼ਾਨ) |
ਕਾਦੀਆਂ, 4 ਜਨਵਰੀ (ਜ਼ੀਸ਼ਾਨ) – ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਗਈਆਂ। ਮੀਟਿੰਗਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਦੇ ਸੰਭਾਵਿਤ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ 16 ਜਨਵਰੀ ਨੂੰ ਸਵੇਰੇ 11 ਵਜੇ ਡੀਸੀ ਦਫ਼ਤਰ ਗੁਰਦਾਸਪੁਰ ਵਿੱਚ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਬਿੱਲ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀ ਦਾ ਹਿੱਸਾ ਹੈ, ਜਿਸ ਰਾਹੀਂ ਆਮ ਲੋਕਾਂ, ਕਿਸਾਨਾਂ ਅਤੇ ਦੁਕਾਨਦਾਰਾਂ 'ਤੇ ਹੋਰ ਆਰਥਿਕ ਬੋਝ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬਿੱਲ ਤਹਿਤ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੀ ਯੋਜਨਾ ਹੈ, ਜੋ ਮੋਬਾਈਲ ਫ਼ੋਨ ਦੀ ਤਰ੍ਹਾਂ ਰੀਚਾਰਜ 'ਤੇ ਚੱਲਣਗੇ ਅਤੇ ਪੈਸੇ ਮੁੱਕਣ 'ਤੇ ਘਰਾਂ ਦੀ ਬਿਜਲੀ ਆਪਣੇ ਆਪ ਬੰਦ ਹੋ ਜਾਵੇਗੀ। ਇਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਬਲਵਿੰਦਰ ਸਿੰਘ ਰਾਜੂ ਔਲਖ ਨੇ ਸਪੱਸ਼ਟ ਕੀਤਾ ਕਿ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਣਗੀਆਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ।