| ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਿੰਘ ਸਾਹਿਬਾਨ ਅਤੇ ਗਤਕਾ ਦੇ ਜੌਹਰ ਦਿਖਾਉਂਦੇ ਨਿਹੰਗ ਸਿੰਘ। (ਜ਼ੀਸ਼ਾਨ) |
ਕਾਦੀਆਂ, 11 ਜਨਵਰੀ (ਜ਼ੀਸ਼ਾਨ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਠੱਕਰ ਸੰਧੂ ਵਿਖੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ, ਸੇਵਾਦਾਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਮੁੜ ਗੁਰਦੁਆਰਾ ਸਾਹਿਬ ਵਿੱਚ ਹੀ ਸੰਪਨ ਹੋਇਆ।
ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ ਅਤੇ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਦੇ ਵੱਖ-ਵੱਖ ਸਥਾਨਾਂ 'ਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੂੰ ਗੁਰੂ ਬਖ਼ਸ਼ਿਸ਼ ਸਰੂਪ ਸਰੋਪੇ ਪਾ ਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਸ਼ਾਨਦਾਰ ਜੌਹਰ ਵੀ ਦਿਖਾਏ ਗਏ।
ਨਗਰ ਕੀਰਤਨ ਦੌਰਾਨ ਕਵੀਸ਼ਰੀ ਜਥਾ ਨਿਰਮਲ ਸਿੰਘ ਖਾਰਾ ਵੱਲੋਂ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮੂਹ ਸੰਗਤਾਂ ਅਤੇ ਦੂਰ-ਦੂਰ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸੇਵਾ ਨਿਭਾਈ।
ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ।