| ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਿੰਘ ਸਾਹਿਬਾਨ ਅਤੇ ਸਜਾਈ ਗਈ ਪਾਲਕੀ ਸਾਹਿਬ ਅਤੇ ਸੰਗਤਾਂ। (ਜ਼ੀਸ਼ਾਨ) |
ਕਾਦੀਆਂ, 5 ਜਨਵਰੀ (ਜ਼ੀਸ਼ਾਨ) – ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਨਾਥਪੁਰ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸਮੂਹ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਸਮੇਤ ਸੰਗਤਾਂ ਦੇ ਸਹਿਯੋਗ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਬਟਾਲਾ ਕਾਦੀਆਂ ਰੋਡ ਤੋਂ ਹੁੰਦਾ ਹੋਇਆ ਸਥਾਨਕ ਬੱਸ ਸਟੈਂਡ ਕਾਦੀਆਂ, ਜੱਸਾ ਸਿੰਘ ਰਾਮਗੜੀਆਂ ਚੌਂਕ ਅਤੇ ਰਜਾਦਾ ਰੋਡ ਤੋਂ ਭਗਤਪੁਰਾ ਕੈਂਪ ਦੇ ਵਿੱਚੋਂ ਦੀ ਹੁੰਦਾ ਹੋਇਆ ਪਿੰਡ ਨਾਥਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਇਸ ਨਗਰ ਕੀਰਤਨ ਦੇ ਵਿੱਚ ਸੰਗਤਾਂ ਦੇ ਵੱਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ। ਅਤੇ ਵੱਖ-ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸੰਗਤਾਂ ਦੇ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦਾ ਪਿੰਡ ਦੇ ਵੱਖ-ਵੱਖ ਥਾਵਾਂ ਸਮੇਤ ਹੋਰਨਾਂ ਥਾਵਾਂ ਤੇ ਸੰਗਤਾਂ ਦੇ ਵੱਲੋਂ ਗੁਰੂ ਬਖਸ਼ੀਸ਼ ਸਰੋਪਾ ਪਾ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਇਸ ਨਗਰ ਕੀਰਤਨ ਦੇ ਵਿੱਚ ਪਿੰਡ ਨਾਥਪੁਰ ਦੀ ਸਮੂਹ ਸੰਗਤ ਅਤੇ ਵੱਖ-ਵੱਖ ਥਾਵਾਂ ਤੋਂ ਆਈਆਂ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਸੇਵਾ ਨਿਭਾਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਸਾਹਿਬ ਪਿੰਡ ਨਾਥਪੁਰ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਸਮੂਹ ਨਗਰ ਨਿਵਾਸੀਆਂ ਸਮੇਤ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ । ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।