| ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਕਾਦੀਆਂ ਦੇ ਐਸਐਚਓ ਇੰਸਪੈਕਟਰ ਗੁਰਮੀਤ ਸਿੰਘ। (ਜ਼ੀਸ਼ਾਨ) |
ਕਾਦੀਆਂ, 7 ਫ਼ਰਵਰੀ (ਜ਼ੀਸ਼ਾਨ)– ਪੁਲਿਸ ਥਾਣਾ ਕਾਦੀਆਂ ਵੱਲੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲਗਾਤਾਰ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਇਹ ਗੱਲ ਥਾਣਾ ਕਾਦੀਆਂ ਦੇ ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਨੇ ਗੱਲਬਾਤ ਦੌਰਾਨ ਕਹੀ।
ਉਹਨਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਸ਼ਰਾਰਤੀ ਅੰਸਰ, ਹੁੱਲੜਬਾਜ਼ ਜਾਂ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਐਸ.ਐਚ.ਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਕਾਦੀਆਂ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ 24 ਘੰਟੇ ਤਿਆਰ ਹੈ।
ਉਹਨਾਂ ਦੁਕਾਨਦਾਰਾਂ ਨੂੰ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਦੁਕਾਨਾਂ ਦੀ ਹੱਦ ਤੋਂ ਬਾਹਰ ਸਮਾਨ ਨਾ ਰੱਖਿਆ ਜਾਵੇ ਅਤੇ ਨਜਾਇਜ਼ ਰੇਹੜੀਆਂ-ਫੜੀਆਂ ਹਟਾਈਆਂ ਜਾਣ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ।
ਅੰਤ ਵਿੱਚ ਐਸ.ਐਚ.ਓ ਗੁਰਮੀਤ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਕਿਰਾਏਦਾਰ ਰੱਖਣ ਸਮੇਂ ਉਸਦਾ ਆਧਾਰ ਕਾਰਡ ਅਤੇ ਪਿਛੋਕੜ ਦੀ ਪੂਰੀ ਜਾਂਚ ਜ਼ਰੂਰ ਕੀਤੀ ਜਾਵੇ।