ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ ਵਾਪਸ ਲਿਆਵਾਂਗੇ: ਸੁਖਬੀਰ
ਕਾਦੀਆਂ, 17 ਫ਼ਰਵਰੀ (ਜ਼ੀਸ਼ਾਨ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਤਿਹਾਸਕ ਸ਼ਹਿਰ ਕਾਦੀਆਂ ਦੀ ਅਨਾਜ ਮੰਡੀ ਵਿੱਚ ਰੈਲੀ ਕਰਕੇ ਮਿਸ਼ਨ 2027 ਦੀ ਸ਼ੁਰੂਆਤ ਕੀਤੀ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।
ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਤੋਂ ਪੈਸਾ ਇਕੱਠਾ ਕਰਕੇ ਆਸਟ੍ਰੇਲੀਆ ਵਿੱਚ 2500 ਕਿੱਲੇ ਜ਼ਮੀਨ ਖਰੀਦੀ ਹੈ ਅਤੇ ਕਿਹਾ ਕਿ ਅਕਾਲੀ ਦਲ ਇਹ ਪੈਸਾ ਵਾਪਸ ਲਿਆਏਗਾ। ਉਨ੍ਹਾਂ ਇਹ ਵੀ ਆਖਿਆ ਕਿ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਦੀ ਜਾਣਕਾਰੀ ਹੈ ਅਤੇ ਇਸ ਸਬੰਧੀ ਫ਼ਾਈਲ ਤਿਆਰ ਹੋ ਚੁੱਕੀ ਹੈ। ਸੁਖਬੀਰ ਨੇ ਦੋਸ਼ ਲਗਾਇਆ ਕਿ ਇਸੇ ਮਾਮਲੇ ਦੇ ਦਬਾਅ ਹੇਠ ਭਗਵੰਤ ਮਾਨ ਐੱਸ.ਵਾਈ.ਐੱਲ. ਨਹਿਰ ਦੇ ਮਾਮਲੇ 'ਚ ਹਰਿਆਣਾ ਨੂੰ ਪਾਣੀ ਦੇਣ ਲਈ ਤਿਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।
ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਪ ਐਮ.ਪੀ. ਬਣਾਉਣ ਲਈ ਕਰੋੜਾਂ ਰੁਪਏ ਲੈਂਦੀ ਹੈ ਅਤੇ ਰਾਜ ਸਭਾ ਸੀਟਾਂ ਲਈ ਵੱਡੀ ਰਕਮ ਲਈ ਗਈ। ਸੁਖਬੀਰ ਨੇ ਕਿਹਾ ਕਿ ਆਪ "ਆਮ ਆਦਮੀ ਪਾਰਟੀ" ਨਹੀਂ ਸਗੋਂ "ਖਾਸ ਆਦਮੀ ਪਾਰਟੀ" ਬਣ ਚੁੱਕੀ ਹੈ।
ਰੈਲੀ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਜੇ ਅਕਾਲੀ ਦਲ (ਬਾਦਲ) ਸੱਤਾ ਵਿੱਚ ਆਇਆ ਤਾਂ 1 ਲੱਖ ਰੁਪਏ ਦੀ ਸ਼ਗੁਨ ਸਕੀਮ ਲਾਗੂ ਕੀਤੀ ਜਾਵੇਗੀ, ਕਿਸਾਨਾਂ ਨੂੰ ਮੁਫ਼ਤ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ, ਬੁਢ਼ਾਪਾ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ, ਆਟਾ-ਦਾਲ ਸਕੀਮ ਸ਼ੁਰੂ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਬਿਨਾਂ ਵਿਆਜ 10 ਲੱਖ ਰੁਪਏ ਦਿੱਤੇ ਜਾਣਗੇ। 80 ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੇ ਹਰ ਵਿਦਿਆਰਥੀ ਨੂੰ ਹਰ ਜ਼ਿਲ੍ਹੇ ਵਿੱਚ ਬਣਾਏ ਜਾਣ ਵਾਲੇ ਮੈਡੀਕਲ ਅਤੇ ਟੈਕਨੀਕਲ ਕਾਲਜ ਵਿੱਚ ਮੁਫ਼ਤ ਸਿੱਖਿਆ ਮਿਲੇਗੀ। ਸ਼੍ਰੀ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੱਡੇ ਪ੍ਰੋਜੈਕਟ ਅਤੇ ਏਅਰਪੋਰਟ ਅਕਾਲੀ ਸਰਕਾਰ ਦੇ ਸਮੇਂ ਬਣੇ ਸਨ।
ਇਸ ਮੌਕੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਰੈਲੀ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਐਸ.ਜੀ.ਪੀ.ਸੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਜਰਨੈਲ ਸਿੰਘ ਮਾਹਲ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ ਸਮੇਤ ਕੋਰ ਕਮੇਟੀ ਦੇ ਮੈਂਬਰ ਅਤੇ ਹੋਰ ਆਗੂ ਵੀ ਮੌਜੂਦ ਸਨ।