| ਕਾਦੀਆਂ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਸਾੜਦੇ ਹੋਏ ਕਿਸਾਨ ਆਗੂ। (ਜ਼ੀਸ਼ਾਨ) |
ਕਾਦੀਆਂ, 14 ਮਾਰਚ (ਜ਼ੀਸ਼ਾਨ) – ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਮੱਕਾ ਸਾਹਿਬ ਦੇ ਕਿਸਾਨਾਂ ਵੱਲੋਂ ਡੱਲਾ ਮੋੜ ਕਾਦੀਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਨੌਜਵਾਨਾਂ ਦੇ ਹੋ ਰਹੇ ਕਥਿਤ ਫੇਕ ਐਨਕਾਊਂਟਰ ਅਤੇ ਕਿਸਾਨਾਂ ਨਾਲ ਹੋ ਰਹੀ ਨਾਈਂਸਾਫੀ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਰਣਜੀਤ ਸਿੰਘ ਦੇ ਫੇਕ ਐਨਕਾਊਂਟਰ ਮਾਮਲੇ 'ਤੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਜੋਨ ਸਕੱਤਰ ਸੁਰਜੀਤ ਸਿੰਘ ਨੱਤ, ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ, ਮੀਤ ਪ੍ਰਧਾਨ ਹਰਜੀਤ ਸਿੰਘ ਧਾਲੀਵਾਲ, ਖਜਾਨਚੀ ਗੁਰਮੇਲ ਸਿੰਘ ਥਿੰਦ, ਪ੍ਰੈਸ ਸਕੱਤਰ ਬਾਬਾ ਸੁਖਦੇਵ ਸਿੰਘ ਨੱਤ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।