ਪਿੰਡ ਫੱਤੂ ਬਰਕਤ ਦੀ ਸ਼ਾਮਲਾਟ ਜ਼ਮੀਨ ਉੱਪਰ ਹੋ ਰਹੀ ਹੈ ਨਜਾਇਜ਼ ਉਸਾਰੀ

ਸ਼ਾਮਲਾਟ ਜ਼ਮੀਨ ਉੱਪਰ ਨਜਾਇਜ਼ ਕਬਜ਼ਿਆਂ ਅਧੀਨ ਉਸਾਰੀ ਦੀਆਂ ਤਸਵੀਰਾਂ (ਜ਼ੀਸ਼ਾਨ)


ਕਾਦੀਆਂ, 1 ਮਾਰਚ (ਜ਼ੀਸ਼ਾਨ) – ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਪਿੰਡਾਂ ਵਿੱਚੋਂ ਨਜਾਇਜ਼ ਕਬਜ਼ੇ ਛੁਡਵਾ ਰਹੀ ਹੈ ਅਤੇ ਪੰਚਾਇਤੀ ਜ਼ਮੀਨਾਂ ਉੱਪਰ ਲੋਕਾਂ ਦੀਆਂ ਸੁਖ-ਸਹੂਲਤਾਂ ਲਈ ਸੁਵਿਧਾਵਾਂ ਬਣਾਈਆਂ ਜਾ ਰਹੀਆਂ ਹਨ, ਉੱਥੇ ਹੀ ਕੁਝ ਥਾਵਾਂ 'ਤੇ ਇਸਦਾ ਉਲਟ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਪਿੰਡਾਂ ਅੰਦਰ ਨਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਬਲਾਕ ਕਾਹਨੂੰਵਾਨ ਦੇ ਪਿੰਡ ਫੱਤੂ ਬਰਕਤ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਾਮਲਾਟ ਜ਼ਮੀਨ, ਜਿਸ ਵਿੱਚ ਮੰਦਰ, ਸ਼ਮਸ਼ਾਨ ਘਾਟ, ਗੁਰਦੁਆਰਾ, ਛੱਪੜ, ਕਬਰਿਸਤਾਨ ਆਦਿ ਸ਼ਾਮਲ ਹਨ, ਉੱਪਰ ਕੁਝ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਉਸਾਰੀ ਜ਼ੋਰ-ਸ਼ੋਰ ਨਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਗ੍ਰਾਮ ਸਭਾ ਦੇ ਮੈਂਬਰ ਕੁਲਦੀਪ ਸਿੰਘ, ਜਗਜੀਤ ਸਿੰਘ, ਸੁਨੀਲ ਸਿੰਘ, ਬਲਕਾਰ ਸਿੰਘ, ਪਾਰਸ, ਸੋਨੀ ਅਤੇ ਰਮਣ ਕੁਮਾਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਗ੍ਰਾਮ ਪੰਚਾਇਤ ਫੱਤੂ ਬਰਕਤ ਦੀ ਸ਼ਾਮਲਾਟ ਜ਼ਮੀਨ 'ਤੇ ਕੁਝ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹਨਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕਾਹਨੂੰਵਾਨ ਨੂੰ ਬੀਤੇ ਦਿਨਾਂ ਇੱਕ ਲਿਖਤੀ ਸ਼ਿਕਾਇਤ ਵੀ ਦਿੱਤੀ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਕਤ ਵਿਅਕਤੀਆਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਤੇ ਸੰਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲ ਮੰਗ ਕੀਤੀ ਹੈ ਕਿ ਪੰਚਾਇਤੀ ਜਗ੍ਹਾ 'ਤੇ ਨਜਾਇਜ਼ ਕਬਜ਼ੇ ਦੀ ਨੀਅਤ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਨੂੰ ਤੁਰੰਤ ਰੋਕਿਆ ਜਾਵੇ ਅਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਦੋਂ ਬੀਡੀਪੀਓ ਕਾਹਨੂੰਵਾਨ ਸੁਖਜੀਤ ਸਿੰਘ ਬਾਜਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਜਦੋਂ ਇਹ ਮਾਮਲਾ ਉਨ੍ਹਾਂ ਦੇ ਸਾਮ੍ਹਣੇ ਆਇਆ ਸੀ ਤਾਂ ਉਨ੍ਹਾਂ ਵੱਲੋਂ ਤੁਰੰਤ ਕੰਮ ਰੁਕਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਵੱਲੋਂ ਇਸ ਦੀ ਨਿਸ਼ਾਨਦੇਹੀ ਕਰਵਾਈ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਤੱਥ ਸਾਹਮਣੇ ਆਉਣ ਉਪਰੰਤ ਕੀਤੀ ਜਾਵੇਗੀ।

Post a Comment

© Qadian Times. All rights reserved. Distributed by ASThemesWorld