| ਕਾਦੀਆਂ ਬੱਸ ਸਟੈਂਡ ਵਿਖੇ ਸਵੇਰੇ ਗੱਲਬਾਤ ਕਰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਮੇਜਰ ਸਿੰਘ ਕੋਟ ਟੋਡਰਮਲ ਅਤੇ ਨਾਲ ਪ੍ਰੇਸ਼ਾਨ ਖੜੇ ਯਾਤਰੀ। (ਜ਼ੀਸ਼ਾਨ) |
ਕਾਦੀਆਂ, 9 ਮਾਰਚ (ਜ਼ੀਸ਼ਾਨ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਹਨੂੰਵਾਨ ਰੈਲੀ ਦੌਰਾਨ ਸਰਕਾਰੀ ਬੱਸਾਂ ਦੀ ਵਰਤੋਂ ਕਾਰਨ ਕਾਦੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਾਦੀਆਂ ਬੱਸ ਸਟੈਂਡ 'ਤੇ ਸਵੇਰੇ ਕਈ ਰੂਟਾਂ ਦੀਆਂ ਬੱਸਾਂ ਨਾ ਚੱਲਣ ਕਾਰਨ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ ਅਤੇ ਕਈ ਲੋਕ ਸਮੇਂ 'ਤੇ ਆਪਣੀ ਮੰਜਿਲ ਤੱਕ ਨਹੀਂ ਪਹੁੰਚ ਸਕੇ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੀ ਰੈਲੀ ਵਿੱਚ ਲੋਕਾਂ ਨੂੰ ਲਿਜਾਣ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਕਈ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਗਈ। ਇਸ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਵੀ ਕਈ ਮੌਕਿਆਂ 'ਤੇ ਇਲਜ਼ਾਮ ਲੱਗ ਚੁੱਕੇ ਹਨ ਕਿ ਰਾਜਨੀਤਿਕ ਰੈਲੀਆਂ ਲਈ ਸਰਕਾਰੀ ਬੱਸਾਂ ਨੂੰ ਮੋੜ ਦਿੱਤਾ ਜਾਂਦਾ ਹੈ, ਜਿਸ ਨਾਲ ਆਮ ਯਾਤਰੀਆਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰਮਲ ਨੇ ਕਾਦੀਆਂ ਬੱਸ ਸਟੈਂਡ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਕਾਦੀਆਂ ਤੋਂ ਚੰਡੀਗੜ੍ਹ ਜਾਣ ਵਾਲੀ ਬੱਸ ਨਾ ਚੱਲਣ ਕਾਰਨ ਕਈ ਯਾਤਰੀ ਬਹੁਤ ਪਰੇਸ਼ਾਨ ਹੋਏ। ਉਨ੍ਹਾਂ ਕਿਹਾ ਕਿ ਕਿਸੇ ਨੂੰ ਆਪਣੀ ਨੌਕਰੀ 'ਤੇ ਸਮੇਂ ਸਿਰ ਪਹੁੰਚਣਾ ਸੀ, ਕਿਸੇ ਨੂੰ ਇਲਾਜ ਲਈ ਜਾਣਾ ਸੀ ਅਤੇ ਕਈ ਲੋਕ ਜੋ ਰੋਜ਼ਾਨਾ ਇਸ ਬੱਸ ਵਿੱਚ ਸਫ਼ਰ ਕਰਦੇ ਹਨ, ਉਹਨਾਂ ਨੂੰ ਵੀ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰੀ ਬੱਸਾਂ ਲੋਕਾਂ ਦੀ ਸਹੂਲਤ ਲਈ ਹੁੰਦੀਆਂ ਹਨ, ਪਰ ਜਦੋਂ ਉਹਨਾਂ ਨੂੰ ਰਾਜਨੀਤਿਕ ਰੈਲੀਆਂ ਲਈ ਵਰਤਿਆ ਜਾਂਦਾ ਹੈ ਤਾਂ ਆਮ ਜਨਤਾ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਭਵਿੱਖ ਵਿੱਚ ਕਿਸੇ ਵੀ ਰੈਲੀ ਦੌਰਾਨ ਸਰਕਾਰੀ ਬੱਸਾਂ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।