| ਕਾਲਜ ਰੋਡ ਅਤੇ ਹੋਰਨਾਂ ਥਾਵਾਂ 'ਤੇ ਲੱਗੇ ਕੂੜੇ ਦੇ ਢੇਰਾਂ ਦੇ ਦ੍ਰਿਸ਼। (ਜ਼ੀਸ਼ਾਨ) |
ਕਾਦੀਆਂ, 11 ਮਾਰਚ (ਜ਼ੀਸ਼ਾਨ) – ਕਾਦੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗੇ ਕੂੜੇ ਦੇ ਢੇਰਾਂ ਕਾਰਨ ਫੈਲ ਰਹੀ ਬਦਬੂ ਨਾਲ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਕਾਲਜ ਰੋਡ, ਬੁੱਟਰ ਰੋਡ, ਮੁਹੱਲਾ ਧਰਮਪੁਰਾ, ਪੱਠਿਆਂ ਵਾਲੀ ਮੰਡੀ, ਜੱਸਾ ਸਿੰਘ ਰਾਮਗੜੀਆ ਚੌਂਕ ਅਤੇ ਬੱਸ ਸਟੈਂਡ ਸਮੇਤ ਕਈ ਥਾਵਾਂ 'ਤੇ ਗੰਦਗੀ ਦੇ ਢੇਰ ਦੇਖਣ ਨੂੰ ਮਿਲ ਰਹੇ ਹਨ।
ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਕੂੜੇ ਦੇ ਇਨ੍ਹਾਂ ਢੇਰਾਂ ਤੋਂ ਉੱਠਦੀ ਬਦਬੂ ਕਾਰਨ ਰਾਹਗੀਰਾਂ ਅਤੇ ਖਾਸ ਕਰਕੇ ਸਕੂਲ-ਕਾਲਜ ਜਾਣ ਵਾਲੇ ਵਿਦਿਆਰਥੀਆਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ। ਲੋਕਾਂ ਨੇ ਚਿੰਤਾ ਜਤਾਈ ਕਿ ਜੇਕਰ ਸਮੇਂ ਸਿਰ ਸਫ਼ਾਈ ਨਾ ਹੋਈ ਤਾਂ ਸ਼ਹਿਰ ਵਿੱਚ ਕਿਸੇ ਵੀ ਵੇਲੇ ਬਿਮਾਰੀਆਂ ਫੈਲ ਸਕਦੀਆਂ ਹਨ।
ਸਥਾਨਕ ਲੋਕਾਂ ਨੇ ਨਗਰ ਕੌਂਸਲ ਕਾਦੀਆਂ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਅੰਦਰ ਅਤੇ ਸਕੂਲਾਂ-ਕਾਲਜਾਂ ਦੇ ਨੇੜੇ ਲੱਗੇ ਕੂੜੇ ਦੇ ਢੇਰ ਤੁਰੰਤ ਹਟਾਏ ਜਾਣ। ਨਾਲ ਹੀ ਕੁਝ ਦੁਕਾਨਦਾਰਾਂ ਵੱਲੋਂ ਸੜਕਾਂ 'ਤੇ ਸਮਾਨ ਫੈਲਾਉਣ ਕਾਰਨ ਆ ਰਹੀਆਂ ਦਿੱਕਤਾਂ ਨੂੰ ਵੀ ਦੂਰ ਕਰਨ ਲਈ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।