| ਕਾਦੀਆਂ ਥਾਣੇ ਦੇ ਨਵੇਂ ਐਸ.ਐਚ.ਓ ਕਵਲਪ੍ਰੀਤ ਸਿੰਘ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 29 ਮਾਰਚ (ਜ਼ੀਸ਼ਾਨ) – ਕਵਲਪ੍ਰੀਤ ਸਿੰਘ ਨੇ ਕਾਦੀਆਂ ਥਾਣੇ ਦਾ ਚਾਰਜ ਬਤੌਰ ਐਸ.ਐਚ.ਓ ਸੰਭਾਲ ਲਿਆ। ਉਨ੍ਹਾਂ ਦੇ ਉਹਦਾ ਸੰਭਾਲਣ ਮੌਕੇ ਥਾਣਾ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ।
ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਵਲਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਦੀਆਂ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਜਨਤਾ ਦੇ ਸਾਂਝੇ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਅਮਨ-ਸ਼ਾਂਤੀ ਕਾਇਮ ਰਹਿ ਸਕਦੀ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਪਰਾਧਕ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣ ਕੇ ਹੱਲ ਕੀਤਾ ਜਾਵੇਗਾ।
ਕਵਲਪ੍ਰੀਤ ਸਿੰਘ ਨੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗੈਰਕਾਨੂੰਨੀ ਗਤੀਵਿਧੀਆਂ ਤੁਰੰਤ ਬੰਦ ਕਰਨ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ ਅਤੇ ਨਾਕਾਬੰਦੀ ਤੇ ਚੈਕਿੰਗ ਹੋਰ ਤੀਬਰ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਾ ਤਸਕਰੀ ਜਾਂ ਹੋਰ ਅਪਰਾਧਾਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਦੀਆਂ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਪੁਲਿਸ ਅਤੇ ਆਮ ਜਨਤਾ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।