ਕਾਦੀਆਂ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਕੀਤਾ ਜਾਮ, ਸਰਕਾਰ ਖ਼ਿਲਾਫ਼ ਨਾਰੇਬਾਜ਼ੀ

ਰੇਲਵੇ ਟਰੈਕ 'ਤੇ ਬੈਠਕੇ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕਰਦੇ ਕਿਸਾਨ ਆਗੂ। (ਜ਼ੀਸ਼ਾਨ)

ਕਾਦੀਆਂ, 24 ਮਾਰਚ (ਜ਼ੀਸ਼ਾਨ) – ਡੀਸੀ ਦਫਤਰ ਵਿਖੇ ਲਗੇ ਧਰਨੇ ਨੂੰ ਦੇਰ ਰਾਤ ਪੁਲਿਸ ਪ੍ਰਸ਼ਾਸਨ ਵੱਲੋਂ ਜਬਰੀ ਖਤਮ ਕਰਕੇ ਕਿਸਾਨਾਂ 'ਤੇ ਲਾਠੀਚਾਰਜ ਕਰਨ ਅਤੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕਾਦੀਆਂ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਕਿਸਾਨਾਂ ਨੇ ਅੰਮ੍ਰਿਤਸਰ ਰੋਡ 'ਤੇ ਪਿੰਡ ਘਸੀਟਪੁਰ ਕੋਲ ਰੇਲਵੇ ਟਰੈਕ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਰੇਬਾਜ਼ੀ ਕੀਤੀ।
ਕਿਸਾਨ ਆਗੂ ਹਰਜੀਤ ਸਿੰਘ ਲੀਲ ਕਲਾ ਨੇ ਕਿਹਾ ਕਿ ਡੀਸੀ ਦਫਤਰ ਅੰਮ੍ਰਿਤਸਰ ਵਿਖੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਚੱਲ ਰਹੇ ਧਰਨੇ ਨੂੰ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਨੇ ਜਬਰੀ ਖਤਮ ਕਰਕੇ ਲਾਠੀਚਾਰਜ ਕੀਤਾ ਅਤੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਵਿਰੋਧ ਵਜੋਂ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰਕੇ ਆਪਣਾ ਰੋਸ ਦਰਜ ਕਰਵਾਇਆ।
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ ਅਤੇ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਨਹੀਂ ਰੁਕੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਬਾਬਾ ਸੁਖਦੇਵ ਸਿੰਘ ਨੱਤ, ਰਸ਼ਪਾਲ ਸਿੰਘ, ਸੁਖਦੇਵ ਸਿੰਘ ਖੁਜਾਲਾ, ਸੁਰਜੀਤ ਸਿੰਘ, ਅਜੈਬ ਸਿੰਘ, ਸੁਖਵੰਤ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਸਿੰਘ, ਮੰਗਲ ਸਿੰਘ, ਗੁਰਮੇਜ ਸਿੰਘ, ਹਰਜੀਤ ਸਿੰਘ ਸਮੇਤ ਕਈ ਕਿਸਾਨ ਮੌਜੂਦ ਸਨ।

Post a Comment

© Qadian Times. All rights reserved. Distributed by ASThemesWorld