![]() |
| ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਵਾਲਮੀਕੀ ਮਜਬੀ ਸਿੱਖ ਮੋਰਚਾ ਦੇ ਆਗੂ। (ਜ਼ੀਸ਼ਾਨ) |
ਕਾਦੀਆਂ, 6 ਅਪ੍ਰੈਲ (ਜ਼ੀਸ਼ਾਨ) – ਵਾਲਮੀਕੀ ਮਜਬੀ ਸਿੱਖ ਮੋਰਚਾ ਵੱਲੋਂ ਪਿੰਡ ਦਕੋਹਾ ਵਿੱਚ ਵਿਸ਼ੇਸ਼ ਮੀਟਿੰਗ ਕਰਕੇ ਪੁਲਿਸ ਕਾਰਵਾਈ ਨਾ ਕਰਨ ‘ਤੇ ਰੋਸ ਜਤਾਇਆ ਗਿਆ। ਮੋਰਚਾ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਯੂਥ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਦੱਸਿਆ ਗਿਆ ਕਿ 13 ਜਨਵਰੀ 2026 ਨੂੰ ਕਰਨ ਸਿੰਘ ਪੁੱਤਰ ਪਰਮਜੀਤ ਸਿੰਘ ‘ਤੇ ਕੁਝ ਵਿਅਕਤੀਆਂ ਵੱਲੋਂ ਦਾਤਰ ਅਤੇ ਕਿਰਪਾਨ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਜ਼ਖ਼ਮੀ ਕਰਨ ਸਿੰਘ ਨੂੰ ਸਰਕਾਰੀ ਹਸਪਤਾਲ ਘੁਮਾਣ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਮਾਮਲੇ ਦੀ ਰਿਪੋਰਟ ਥਾਣਾ ਘੁਮਾਣ ਨੂੰ ਭੇਜੀ ਗਈ, ਪਰ ਪੁਲਿਸ ਵੱਲੋਂ ਕਾਰਵਾਈ ਕਰਨ ਦੀ ਬਜਾਏ ਰਾਜ਼ੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ। ਮੋਰਚਾ ਆਗੂਆਂ ਨੇ ਦੋਸ਼ ਲਗਾਇਆ ਕਿ ਰਿਸ਼ਵਤ ਲੈ ਕੇ ਕਾਰਵਾਈ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਕੋਲ ਇਸ ਦੇ ਸਬੂਤ ਵੀ ਮੌਜੂਦ ਹਨ।
ਜਥੇਬੰਦੀ ਨੇ ਮੰਗ ਕੀਤੀ ਕਿ ਸੰਬੰਧਿਤ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕਰਨ ਸਿੰਘ ਦੀ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਾਰਵਾਈ ਨਾ ਕੀਤੀ ਗਈ ਤਾਂ ਕੱਲ 8 ਅਪ੍ਰੈਲ ਨੂੰ ਐਸ.ਐਸ.ਪੀ ਦਫ਼ਤਰ ਬਟਾਲਾ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਰਿਸ਼ਵਤ ਦੇ ਸਬੂਤ ਮੀਡੀਆ ਸਾਹਮਣੇ ਜਨਤਕ ਕੀਤੇ ਜਾਣਗੇ।
