![]() |
| ਚੋਰੀ ਸਬੰਧੀ ਜਾਣਕਾਰੀ ਦਿੰਦੇ ਗੁਰਕੀਰਤ ਸਿੰਘ ਅਤੇ ਜਗਦੀਸ਼ ਸਿੰਘ। (ਜ਼ੀਸ਼ਾਨ) |
ਕਾਦੀਆਂ, 29 ਮਈ (ਜ਼ੀਸ਼ਾਨ) – ਕਸਬਾ ਹਰਚੋਵਾਲ ਵਿੱਚ ਦਿਨ-ਦਿਹਾੜੇ ਚੋਰਾਂ ਵੱਲੋਂ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਗੁਰਕੀਰਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਹਰਚੋਵਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਕਾਹਨੂੰਵਾਨ ਵਿਖੇ ਜਠੇਰਿਆਂ ਨੂੰ ਮੱਥਾ ਟੇਕਣ ਗਏ ਹੋਏ ਸਨ। ਜਦੋਂ ਉਹ ਦੁਪਹਿਰ ਬਾਅਦ ਘਰ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦੇ ਤਾਲੇ ਤੋੜ ਕੇ ਚੋਰ ਸੱਤ ਸੋਨੇ ਦੀਆਂ ਮੁੰਦਰੀਆਂ, ਦੋ ਟੋਪਸਾਂ ਦੇ ਜੋੜੇ, ਇੱਕ ਸੋਨੇ ਦੀ ਚੈਨੀ ਅਤੇ ਕੁਝ ਨਕਦੀ ਚੋਰੀ ਕਰਕੇ ਫ਼ਰਾਰ ਹੋ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਇਹ ਗਹਿਣੇ ਘਰ ਵਿੱਚ ਦੋ ਮਹੀਨੇ ਬਾਅਦ ਹੋਣ ਵਾਲੇ ਵਿਆਹ ਲਈ ਬਣਵਾਏ ਗਏ ਸਨ।
ਜਗਦੀਸ਼ ਸਿੰਘ ਪੁੱਤਰ ਅਜੀਤ ਸਿੰਘ ਨੇ ਦੱਸਿਆ ਕਿ ਉਹ ਵੀ ਪਰਿਵਾਰ ਸਮੇਤ ਬਾਹਰ ਗਏ ਹੋਏ ਸਨ। ਵਾਪਸ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੇ ਤਾਲੇ ਵੀ ਟੁੱਟੇ ਹੋਏ ਸਨ ਅਤੇ ਅਲਮਾਰੀ ਵਿੱਚੋਂ ਕਰੀਬ 18 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ।
ਪੀੜਤ ਪਰਿਵਾਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਅਤੇ ਚੋਰੀ ਹੋਇਆ ਸਮਾਨ ਬਰਾਮਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਹੋਈ ਇਸ ਵਾਰਦਾਤ ਨੇ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਉੱਧਰ, ਸਥਾਨਕ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
