ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਵੱਖ-ਵੱਖ ਸਕੂਲਾਂ ਵਿੱਚ ਪੀ.ਟੀ.ਐਮ. ਦਾ ਲਿਆ ਜਾਇਜ਼ਾ

Uploaded Image
ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਖ-ਵੱਖ ਸਕੂਲਾਂ ਵਿੱਚ ਪੀ.ਟੀ.ਐਮ. ਦੌਰਾਨ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨਾਲ। (ਜ਼ੀਸ਼ਾਨ)

ਕਾਦੀਆਂ, 30 ਮਈ (ਜ਼ੀਸ਼ਾਨ): ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ ਪੇਰੈਂਟਸ-ਟੀਚਰ ਮੀਟਿੰਗਾਂ (ਪੀ.ਟੀ.ਐਮ.) ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਬਲਾਕ ਕਾਦੀਆਂ-1 ਅਤੇ ਕਾਦੀਆਂ-2 ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮੀਟਿੰਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਦੌਰੇ ਦੌਰਾਨ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ, ਸਰਕਾਰੀ ਹਾਈ ਸਕੂਲ ਉਧਨਵਾਲ, ਬਸਰਾਵਾਂ ਅਤੇ ਤੁਗਲਵਾਲ ਵਿਖੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਕੂਲਾਂ ਦੀਆਂ ਗਤੀਵਿਧੀਆਂ, ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕਰੀਅਰ ਮਾਰਗਦਰਸ਼ਨ ਸਬੰਧੀ ਜਾਣਕਾਰੀ ਹਾਸਲ ਕੀਤੀ।
ਮੁਕੇਸ਼ ਵਰਮਾ ਨੇ ਕਿਹਾ ਕਿ ਪੀ.ਟੀ.ਐਮ. ਸਕੂਲ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਨਾਲ ਸਮਾਂ ਬਿਤਾਉਣ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਅਤੇ ਮੋਬਾਈਲ ਤੇ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਦੂਰ ਰੱਖਣ ਦੀ ਸਲਾਹ ਦਿੱਤੀ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ, ਪੁਸਤਕ ਪੜ੍ਹਨ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਮਾਪੇ ਬੱਚਿਆਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਕਰੀਅਰ ਚੁਣਨ ਵਿੱਚ ਮਦਦ ਕਰਨ।
ਇਸ ਮੌਕੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵੀ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਚਰਚਾ ਕੀਤੀ। ਮਾਪਿਆਂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਪੀ.ਟੀ.ਐਮ. ਮੀਟਿੰਗਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਲਾਹੇਵੰਦ ਸਾਬਤ ਹੋ ਰਹੇ ਹਨ।

Post a Comment

© Qadian Times. All rights reserved. Distributed by ASThemesWorld