![]() |
| ਕਾਦੀਆਂ ਵਿਖੇ ਘਰ-ਘਰ ਜਾ ਕੇ ਜਨਗਣਨਾ ਕਰਦੇ ਅਧਿਕਾਰੀ। (ਜ਼ੀਸ਼ਾਨ) |
ਕਾਦੀਆਂ, 18 ਮਈ (ਜ਼ੀਸ਼ਾਨ): ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜਨਗਣਨਾ ਦਾ ਕੰਮ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਕਾਦੀਆਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਅੱਜ ਤੋਂ ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ। ਇਸ ਮੁਹਿੰਮ ਤਹਿਤ ਸਰਕਾਰੀ ਟੀਮਾਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਦੀਆਂ ਹੋਈਆਂ ਪਰਿਵਾਰਾਂ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਇਕੱਠੀ ਕਰਨਗੀਆਂ। ਜਿਨ੍ਹਾਂ ਨੇ ਔਨ-ਲਾਈਨ ਸੈਲਫ਼ ਐਨੋਮੀਰੇਸ਼ਨ ਕੀਤਾ ਹੈ ਉਸ ਦੀ ਐਸ.ਈ. ਆਈ.ਡੀ. ਨੂੰ ਵਿਖਾਉਣ ਤੇ ਅੱਪਲੋਡ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਨਗਣਨਾ ਸੁਪਰਵਾਈਜ਼ਰ ਸੰਜੀਵ ਵਿਜ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਇਲਾਕੇ ਦੀ ਜਨਗਣਨਾ ਬਹੁਤ ਹੀ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀਆਂ ਭਵਿੱਖੀ ਯੋਜਨਾਵਾਂ ਬਣਾਉਣ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਨ੍ਹਾਂ ਅੰਕੜਿਆਂ ਦੇ ਆਧਾਰ ‘ਤੇ ਹੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਜਨਗਣਨਾ ਟੀਮਾਂ ਵੱਲੋਂ ਹਰ ਘਰ ਵਿੱਚ ਜਾ ਕੇ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਉਮਰ, ਸਿੱਖਿਆ, ਰੋਜ਼ਗਾਰ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਪ੍ਰਦਾਨ ਕਰਨ ਤਾਂ ਜੋ ਜਨਗਣਨਾ ਦਾ ਕੰਮ ਸਮੇਂ ਸਿਰ ਅਤੇ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਵੀ ਜਨਗਣਨਾ ਪ੍ਰਕਿਰਿਆ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਕਈ ਲੋਕਾਂ ਨੇ ਕਿਹਾ ਕਿ ਇਹ ਪ੍ਰਕਿਰਿਆ ਦੇਸ਼ ਦੀ ਤਰੱਕੀ ਅਤੇ ਯੋਜਨਾਬੰਦੀ ਲਈ ਬਹੁਤ ਜ਼ਰੂਰੀ ਹੈ ਅਤੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਵਿੱਚ ਆਪਣਾ ਯੋਗਦਾਨ ਪਾਏ।
ਪ੍ਰਸ਼ਾਸਨ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਕਿ ਜਨਗਣਨਾ ਦੌਰਾਨ ਇਕੱਠੀ ਕੀਤੀ ਜਾਣ ਵਾਲੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੋਪਨੀਯ ਰੱਖੀ ਜਾਵੇਗੀ ਅਤੇ ਇਸਦਾ ਇਸਤੇਮਾਲ ਕੇਵਲ ਸਰਕਾਰੀ ਰਿਕਾਰਡ ਅਤੇ ਯੋਜਨਾਬੰਦੀ ਲਈ ਹੀ ਕੀਤਾ ਜਾਵੇਗਾ।
