![]() |
| ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੁੰਦੀਆਂ ਸੰਗਤਾਂ। (ਜ਼ੀਸ਼ਾਨ) |
ਕਾਦੀਆਂ, 31 ਮਈ (ਜ਼ੀਸ਼ਾਨ) – ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਸਬੰਧੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਵਿਸ਼ਾਲ ਪੰਥਕ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ ਹੇਠ ਹਲਕਾ ਬਟਾਲਾ ਤੋਂ ਬੀਤੇ ਦਿਨ ਸੰਗਤਾਂ ਦਾ ਵੱਡਾ ਜਥਾ ਬੱਸਾਂ ਰਾਹੀਂ ਰਵਾਨਾ ਹੋਇਆ।
ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਲਈ ਮਜ਼ਬੂਤ ਕਾਨੂੰਨ ਬਣਾਉਣ ਦੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਮੌਜੂਦ ਕੁਝ ਖਾਮੀਆਂ ਨੂੰ ਦੂਰ ਕਰਨ ਲਈ ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਸੋਧਾਂ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ ਤਾਂ ਜੋ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਹੋਰ ਪ੍ਰਭਾਵਸ਼ਾਲੀ ਬਣ ਸਕੇ।
ਇਸ ਮੌਕੇ ਗੁਰਤਿੰਦਰ ਪਾਲ ਸਿੰਘ ਭਾਟੀਆ, ਭਾਈ ਸਿਮਰਨਜੀਤ ਸਿੰਘ ਕੋਟ, ਗਿਆਨੀ ਗੁਰਮੁੱਖ ਸਿੰਘ ਖਾਲਸਾ, ਭਾਈ ਬਲਬੀਰ ਸਿੰਘ ਸੇਖਵਾਂ, ਭਾਈ ਸਰਵਨ ਸਿੰਘ, ਭਾਈ ਕਪਿਲ ਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
