ਸ਼ੈਰੀ ਕਲਸੀ ਤੇ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਵਿੱਚ ਆਪ ਦੀ ਯਕੀਨੀ ਜਿੱਤ ਦਾ ਕੀਤਾ ਦਾਅਵਾ

 

ਕਾਦੀਆਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰਦੇ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ। (ਜ਼ੀਸ਼ਾਨ)

ਕਾਦੀਆਂ, 31 ਮਈ (ਜ਼ੀਸ਼ਾਨ) – ਕਾਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕਾਦੀਆਂ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਵਿੱਚ ਪਾਰਟੀ ਵਰਕਰਾਂ ਅਤੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਚੋਣ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ।

ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਹੋਈਆਂ ਹਾਲੀਆ ਸਥਾਨਕ ਚੋਣਾਂ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਦੀਆਂ ਨਗਰ ਕੌਂਸਲ ਦੀਆਂ 15 ਵਿੱਚੋਂ 15 ਸੀਟਾਂ ‘ਤੇ ਆਮ ਆਦਮੀ ਪਾਰਟੀ ਜਿੱਤ ਦਰਜ ਕਰੇਗੀ ਅਤੇ ਆਪਣੀ ਕਮੇਟੀ ਬਣਾਏਗੀ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਵਿੱਚ ਕਾਂਗਰਸ ਦੀ ਕਮੇਟੀ ਹੋਣ ਦੇ ਬਾਵਜੂਦ ਸ਼ਹਿਰ ਦੇ ਕਈ ਮੁੱਦੇ ਹੱਲ ਨਹੀਂ ਹੋ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਪਾਈਆਂ ਗਈਆਂ, ਜਦਕਿ ਸ਼ਹਿਰ ਵਿੱਚ ਸੀਵਰੇਜ, ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਅਜੇ ਵੀ ਬਰਕਰਾਰ ਹਨ। ਉਨ੍ਹਾਂ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਕਮੇਟੀ ਬਣਨ ‘ਤੇ ਇਨ੍ਹਾਂ ਮੁੱਦਿਆਂ ਦਾ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ੈਰੀ ਕਲਸੀ ਨੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜੇਕਰ ਉਨ੍ਹਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਜਾਂਦਾ ਹੈ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਪਾਰਟੀ ਉਨ੍ਹਾਂ ਦਾ ਸਵਾਗਤ ਕਰੇਗੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ। ਆਗੂਆਂ ਨੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।


Post a Comment

© Qadian Times. All rights reserved. Distributed by ASThemesWorld