ਕਾਦੀਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ


Uploaded Image
ਕਾਦੀਆਂ ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ। (ਜ਼ੀਸ਼ਾਨ)

ਕਾਦੀਆਂ, 21 ਜੂਨ (ਜ਼ੀਸ਼ਾਨ): ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਅੱਜ ਕਾਦੀਆਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ।
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੇਵਾਦਾਰ ਮਨਵਿੰਦਰ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਇਸ ਨੂੰ ਐਡਿਟ ਕੀਤੀ ਹੋਈ ਦੱਸਦੇ ਰਹੇ, ਪਰ ਫੋਰੈਂਸਿਕ ਜਾਂਚ ਵਿੱਚ ਵੀਡੀਓ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਦੇ ਸਬੂਤ ਨਹੀਂ ਮਿਲੇ।
ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਉਪਲਬਧ ਤੱਥਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੂੰ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ।
ਮਨਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਵਿੱਚ ਅਸਫਲ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬੱਲ, ਪ੍ਰਿਥੀਪਾਲ ਸਿੰਘ, ਅਮਨਦੀਪ ਕੌਰ ਰੰਧਾਵਾ, ਪ੍ਰਭਵੀਰ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ, ਰਜਿੰਦਰ ਸਿੰਘ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld