ਮੁੱਖ ਮੰਤਰੀ ਮਾਨ ਦੀ ਇਤਿਹਾਸਿਕ ਘੋਸ਼ਣਾ, ਕਾਦੀਆਂ ਨੂੰ ਸਬ-ਡਿਵੀਜ਼ਨ ਅਤੇ ਮਾਹਲ ਨੂੰ ਇੰਚਾਰਜ ਬਣਾਉਣ ਦਾ ਕੀਤਾ ਐਲਾਨ

Uploaded Image
ਕਾਦੀਆਂ ਦੇ ਵਿਕਟੋਰੀਆ ਗਾਰਡਨ ਵਿਖੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਚ 'ਤੇ ਉਨ੍ਹਾਂ ਦੇ ਨਾਲ ਗੁਰਇਕਬਾਲ ਸਿੰਘ ਮਾਹਲ, ਜਰਨੈਲ ਸਿੰਘ ਮਾਹਲ  ਅਤੇ ਹੋਰ ਆਗੂ, ਘੋਸ਼ਣਾ ਤੋਂ ਖੁਸ਼ੀ ਪ੍ਰਗਟ ਕਰਦੇ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਲੋਕ। (ਜ਼ੀਸ਼ਾਨ)

ਕਾਦੀਆਂ, 28 ਜੂਨ (ਜ਼ੀਸ਼ਾਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਤਵਾਰ ਨੂੰ ਕਾਦੀਆਂ ਦੇ ਵਿਕਟੋਰੀਆ ਗਾਰਡਨ ਵਿਖੇ ਹੋਈ ਵਿਸ਼ਾਲ ਜਨ ਸਭਾ ਦੌਰਾਨ ਹਲਕੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੱਤਾ ਧਰ ਪਾਰਟੀ ਵਿੱਚ ਸ਼ਾਮਲ ਹੋਏ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਹਲਕੇ ਦੇ ਵਿਕਾਸ ਲਈ ਕਾਦੀਆਂ ਹਲਕੇ ਦੀ ਵੱਡੀ ਜ਼ਿੰਮੇਵਾਰੀ ਸੌਂਪਣ ਦਾ ਵੀ ਐਲਾਨ ਕੀਤਾ। ਇਹ ਐਲਾਨ ਕਾਦੀਆਂ ਦੇ ਵਿਕਾਸ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਸਰਕਾਰ ਪੂਰਾ ਕਰੇਗੀ। ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇੱਥੇ ਏ.ਡੀ.ਸੀ, ਐੱਸ.ਡੀ.ਐੱਮ., ਡੀ.ਐੱਸ.ਪੀ. ਅਤੇ ਹੋਰ ਪ੍ਰਸ਼ਾਸਨਿਕ ਦਫ਼ਤਰ ਸਥਾਪਤ ਕੀਤੇ ਜਾਣਗੇ, ਜਿਸ ਨਾਲ ਕਾਦੀਆਂ ਅਤੇ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਦੂਰ ਨਹੀਂ ਜਾਣਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਗੁਰਇਕਬਾਲ ਸਿੰਘ ਮਾਹਲ ਨੂੰ ਕਾਦੀਆਂ ਹਲਕੇ ਦੇ ਵਿਕਾਸ ਲਈ ਪੂਰੇ ਅਧਿਕਾਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਹਲ ਵੱਲੋਂ ਲਿਆਂਦੇ ਜਾਣ ਵਾਲੇ ਹਰ ਵਿਕਾਸੀ ਪ੍ਰਸਤਾਵ ਨੂੰ ਸਰਕਾਰ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਦੇਵੇਗੀ ਅਤੇ ਕਾਦੀਆਂ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਆਪਣੇ ਭਾਸ਼ਣ ਦੌਰਾਨ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਅਤੇ ਹੋਰ ਜਨ-ਕਲਿਆਣਕਾਰੀ ਸਕੀਮਾਂ ਰਾਹੀਂ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜਤਾਏ ਵਿਸ਼ਵਾਸ 'ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਕਾਦੀਆਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ, ਪਾਰਟੀ ਆਗੂ, ਜਨ ਪ੍ਰਤੀਨਿਧੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਰਹੇ। ਮੁੱਖ ਮੰਤਰੀ ਦੇ ਐਲਾਨਾਂ ਨੂੰ ਕਾਦੀਆਂ ਦੇ ਵਿਕਾਸ ਲਈ ਇੱਕ ਇਤਿਹਾਸਕ ਫ਼ੈਸਲਾ ਮੰਨਿਆ ਜਾ ਰਿਹਾ ਹੈ।


Post a Comment

© Qadian Times. All rights reserved. Distributed by ASThemesWorld