![]() |
| ਕਾਦੀਆਂ ਚ ਜਾਣਕਾਰੀ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਅਤੇ ਗੁਰਇਕਬਾਲ ਸਿੰਘ ਮਾਹਲ। (ਜ਼ੀਸ਼ਾਨ) |
ਕਾਦੀਆਂ, 2 ਜੂਨ (ਜ਼ੀਸ਼ਾਨ): ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੀ ਨਿਖੇਧੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਵਿਰੋਧੀ ਧਿਰ ਦੇ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰ ਰਹੀ ਹੈ।
ਬਾਜਵਾ ਨੇ ਕਿਹਾ ਕਿ ਹਾਲ ਹੀ ਵਿੱਚ ਟਾਂਡਾ ਵਿੱਚ ਕਾਂਗਰਸ ਦੇ ਇੱਕ ਜੇਤੂ ਉਮੀਦਵਾਰ ਖ਼ਿਲਾਫ਼ ਝਾੜੂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਬਹਾਨਾ ਬਣਾਕੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਤਰ੍ਹਾਂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਵੱਡੇ ਗੈਂਗਸਟਰਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਨਹੀਂ ਕੀਤੇ ਗਏ, ਪਰ ਮਜੀਠੀਆ ਦੇ ਮਾਮਲੇ ਵਿੱਚ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ। ਬਾਜਵਾ ਨੇ ਕਿਹਾ ਕਿ ਇਸ ਤੋਂ ਸਰਕਾਰ ਦੀਆਂ ਤਰਜੀਹਾਂ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨਿਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਵੀ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਖਲਾਹਟ ਵਿੱਚ ਅਜਿਹੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਕਿਸੇ ਵੀ ਧੱਕੇਸ਼ਾਹੀ ਨੂੰ ਹਰਾ ਸਕਦਾ ਹੈ। ਮਾਹਲ ਨੇ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਅਤੇ ਆਗੂਆਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਹਰ ਆਗੂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਵਰਕਰਾਂ ਦੀ ਹਮਾਇਤ ਕਰੇ, ਜੇਕਰ ਉਨ੍ਹਾਂ ਨਾਲ ਕੋਈ ਨਾਜਾਇਜ਼ ਧੱਕਾ ਕੀਤਾ ਜਾ ਰਿਹਾ ਹੋਵੇ।
