ਜਗਰੂਪ ਸੇਖਵਾਂ ਨੇ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਤਹਿਤ ਕਾਦੀਆਂ, ਕਾਹਨੂੰਵਾਨ, ਧਾਰੀਵਾਲ ਬਲਾਕ ਦੀਆਂ ਸਖੀਆਂ ਨੂੰ ਵੰਡੇ ਫਾਰਮ

ਜਗਰੂਪ ਸਿੰਘ ਸੇਖਵਾਂ ਕਾਦੀਆਂ ਦੀਆਂ ਸਹਿਯੋਗੀ ਸਖੀਆਂ ਨੂੰ ਫਾਰਮ ਦਿੰਦਿਆਂ। 

ਕਾਦੀਆਂ, 19 ਜੂਨ (ਜ਼ੀਸ਼ਾਨ): ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਬਲਾਕ ਕਾਹਨੂੰਵਾਨ, ਬਲਾਕ ਕਾਦੀਆਂ, ਧਾਰੀਵਾਲ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਮਹਿਲਾਵਾਂ ਲਈ ਪਿੰਡ ਸੇਖਵਾਂ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕਾਦੀਆਂ ਵਿਧਾਨ ਸਭਾ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਸਹਿਯੋਗੀ ਸਖੀਆਂ ਨੂੰ ਯੋਜਨਾ ਦੇ ਫਾਰਮ ਵੰਡੇ ਅਤੇ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਹਰ ਲੋਕ-ਪੱਖੀ ਯੋਜਨਾਵਾਂ ਦਾ ਲਾਭ ਯੋਗ ਪਰਿਵਾਰਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਰਜਿਸਟ੍ਰੇਸ਼ਨ ਜੂਨ ਜਾਂ ਜੁਲਾਈ ਮਹੀਨੇ ਵਿੱਚ ਹੋਵੇ, ਪਰ ਯੋਗ ਲਾਭਪਾਤਰੀਆਂ ਨੂੰ ਅਪ੍ਰੈਲ ਮਹੀਨੇ ਤੋਂ ਬਣਦੀ ਰਕਮ ਸਮੇਤ ਭੁਗਤਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਮਹਿਲਾਵਾਂ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਕੋਲ ਪੰਜਾਬ ਦਾ ਆਧਾਰ ਕਾਰਡ, ਪੈਨ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ। ਸਰਕਾਰ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਯੋਗ ਲਾਭਪਾਤਰੀਆਂ ਦੀ ਚੋਣ ਕੀਤੀ ਜਾ ਰਹੀ ਹੈ ਤਾਂ ਜੋ ਸਹਾਇਤਾ ਅਸਲ ਹੱਕਦਾਰਾਂ ਤੱਕ ਪਹੁੰਚ ਸਕੇ।

ਇਸ ਮੌਕੇ ਬਲਾਕ ਕਾਹਨੂੰਵਾਨ ਦੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ, ਪੰਚਾਇਤ ਮੈਂਬਰਾਂ, ਚੇਅਰਮੈਨਾਂ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਦੀਆਂ ਯੋਗ ਮਹਿਲਾਵਾਂ ਨੂੰ ਸਕੀਮ ਬਾਰੇ ਜਾਣਕਾਰੀ ਦੇਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਹਿਯੋਗ ਕਰਨ।

ਆਗੂਆਂ ਨੇ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਮਹਿਲਾਵਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰੇਗੀ, ਸਗੋਂ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਭਰੋਸਾ ਜਤਾਇਆ ਕਿ ਪਿੰਡ ਸੇਖਵਾਂ ਸਮੇਤ ਪੂਰੇ ਕਾਦੀਆਂ ਹਲਕੇ ਵਿੱਚ ਇਸ ਸਕੀਮ ਨੂੰ ਵੱਡੀ ਕਾਮਯਾਬੀ ਮਿਲੇਗੀ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਇਸ ਦਾ ਲਾਭ ਪ੍ਰਾਪਤ ਕਰਨਗੀਆਂ।


Post a Comment

© Qadian Times. All rights reserved. Distributed by ASThemesWorld