![]() |
| ਡਰੱਗ ਸੋਸ਼ਿਓ-ਇਕਨਾਮਿਕ ਸਰਵੇ ਦੌਰਾਨ ਜਾਣਕਾਰੀ ਇਕੱਠੀ ਕਰਦੇ ਹੋਏ ਐਨਿਊਮਰੇਟਰ। (ਫਾਈਲ ਫੋਟੋ) (ਜ਼ੀਸ਼ਾਨ) |
ਕਾਦੀਆਂ, 9 ਜੂਨ (ਜ਼ੀਸ਼ਾਨ): ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਡਰੱਗ ਸੋਸ਼ਿਓ-ਇਕਨਾਮਿਕ ਸਰਵੇ ਵਿੱਚ ਕੰਮ ਕਰ ਰਹੇ ਐਨਿਊਮਰੇਟਰਾਂ ਦੇ ਮਿਹਨਤਾਨੇ ਨੂੰ ਲੈ ਕੇ ਚੱਲ ਰਹੀਆਂ ਚਿੰਤਾਵਾਂ ਦਰਮਿਆਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਭੁਗਤਾਨ ਜਲਦ ਜਾਰੀ ਹੋਣ ਦਾ ਭਰੋਸਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਸਰਵੇ ਵਿੱਚ ਲੱਗੇ ਕਈ ਐਨਿਊਮਰੇਟਰਾਂ ਦੇ ਖਾਤਿਆਂ ਵਿੱਚ ਅਜੇ ਤੱਕ ਮਿਹਨਤਾਨਾ ਜਮ੍ਹਾਂ ਨਹੀਂ ਹੋਇਆ, ਜਿਸ ਕਾਰਨ ਕਰਮਚਾਰੀਆਂ ਵਿੱਚ ਭੁਗਤਾਨ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ਵਿੱਚ ਲੋੜੀਂਦੀ ਗਿਣਤੀ ਵਿੱਚ ਐਨਿਊਮਰੇਟਰਾਂ ਦੀ ਨਿਯੁਕਤੀ ਵੀ ਪੂਰੀ ਨਹੀਂ ਹੋ ਸਕੀ ਹੈ।
ਏ.ਡੀ.ਸੀ. (ਵਿਕਾਸ) ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਲਈ ਕਰੀਬ ਤਿੰਨ ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਸਰਵੇ ਕਾਰਜ ਵਿੱਚ ਲੱਗੇ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦਾ ਭੁਗਤਾਨ ਜਲਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਇਹ ਸਰਵੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਜੁੜੇ ਸਮਾਜਿਕ ਅਤੇ ਆਰਥਿਕ ਪੱਖਾਂ ਦਾ ਅਧਿਐਨ ਕਰਨ ਲਈ ਕਰਵਾਇਆ ਜਾ ਰਿਹਾ ਹੈ, ਤਾਂ ਜੋ ਭਵਿੱਖ ਵਿੱਚ ਹੋਰ ਪ੍ਰਭਾਵਸ਼ਾਲੀ ਨੀਤੀਆਂ ਅਤੇ ਯੋਜਨਾਵਾਂ ਤਿਆਰ ਕੀਤੀਆਂ ਜਾ ਸਕਣ। ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਸਰਵੇ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
