ਝੂਠੇ ਮੁਕੱਦਮੇ ਵਿੱਚ ਨਾਮਜ਼ਦ ਕਰਨ ਦੇ ਵਿਰੋਧ 'ਚ ਥਾਣਾ ਸੇਖਵਾਂ ਅੱਗੇ ਧਰਨਾ, ਡੀ.ਐਸ.ਪੀ ਦੇ ਭਰੋਸੇ ਮਗਰੋਂ ਮੁਲਤਵੀ

Uploaded Image
ਪੁਲਿਸ ਥਾਣਾ ਸੇਖਵਾਂ ਦੇ ਬਾਹਰ ਰੋਸ ਧਰਨੇ ਦੌਰਾਨ ਵੱਖ-ਵੱਖ ਕਿਸਾਨ ਅਤੇ ਜਨਤਕ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਪ੍ਰਦਰਸ਼ਨ ਕਰਦੇ ਹੋਏ। (ਜ਼ੀਸ਼ਾਨ)

ਕਾਦੀਆਂ, 16 ਜੂਨ (ਜ਼ੀਸ਼ਾਨ): ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਡਾਕਟਰ ਰਮਿੰਦਰ ਸਿੰਘ ਭਾਮ ਨੂੰ ਕਥਿਤ ਤੌਰ 'ਤੇ ਝੂਠੇ ਮੁਕੱਦਮੇ ਵਿੱਚ ਨਾਮਜ਼ਦ ਕਰਨ ਦੇ ਵਿਰੋਧ ਵਿੱਚ ਪੁਲਿਸ ਥਾਣਾ ਸੇਖਵਾਂ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ, ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ, ਜ਼ਿਲ੍ਹਾ ਸਕੱਤਰ ਅਨੋਖ ਸਿੰਘ ਘੋੜੇਵਾਹ ਅਤੇ ਮਨਜੀਤ ਸਿੰਘ ਨੇ ਦੋਸ਼ ਲਗਾਇਆ ਕਿ ਡਾਕਟਰ ਰਮਿੰਦਰ ਸਿੰਘ ਭਾਮ ਨੂੰ ਇਕ ਅਜਿਹੇ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਜਿਸ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪਰਿਵਾਰ ਅਤੇ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਡੀ.ਐਸ.ਪੀ ਸਿਟੀ ਬਟਾਲਾ ਨੂੰ ਕਈ ਵਾਰ ਮਿਲ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ, ਪਰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਨੂੰ ਹੋਰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਸਿਆਸੀ ਦਬਾਅ ਹੇਠ ਪੁਲਿਸ ਡਾਕਟਰ ਰਮਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਫਸਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਡਾਕਟਰ ਰਮਿੰਦਰ ਸਿੰਘ ਨੂੰ ਮੁਕੱਦਮੇ ਵਿੱਚੋਂ ਬਾਹਰ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਦੌਰਾਨ ਮੌਕੇ 'ਤੇ ਪੁੱਜੇ ਡੀ.ਐਸ.ਪੀ (ਸਿਟੀ) ਸੁਖਇੰਦਰ ਸਿੰਘ ਕਾਹਲੋਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਐਸ.ਐਸ.ਪੀ ਬਟਾਲਾ ਵੱਲੋਂ ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਐਸ.ਪੀ.ਡੀ ਬਟਾਲਾ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਡਾਕਟਰ ਰਮਿੰਦਰ ਸਿੰਘ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ।
ਸਤਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਨਸਾਫ਼ ਨਾ ਮਿਲਿਆ ਤਾਂ ਕਿਸਾਨ ਜਥੇਬੰਦੀਆਂ ਅਤੇ ਹੋਰ ਲੋਕਤੰਤਰੀ ਸੰਗਠਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਕਰਮ ਸਿੰਘ ਹਰਚੋਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਅਮਰ ਕ੍ਰਾਂਤੀ, ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਦੇ ਸੁਖਦੇਵ ਰਾਜ ਬਹਿਰਾਮਪੁਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਮੇਜਰ ਸਿੰਘ ਕੋਟ ਟੋਡਰਮਲ, ਅਜੀਤ ਸਿੰਘ ਮੱਲੀਆਂ, ਹਰਜਿੰਦਰ ਸਿੰਘ ਘੋੜੇਵਾਹ, ਸੰਤੋਖ ਸਿੰਘ, ਜਸਬੀਰ ਸਿੰਘ ਭਾਮ ਅਤੇ ਤਰਸੇਮ ਸਿੰਘ ਸਮੇਤ ਕਈ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld