ਕਾਦੀਆਂ 'ਚ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ, ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ, ਕੁੱਝ ਹੋਰ ਵੱਡੇ ਚੇਹਰਿਆਂ ਵੀ ਹੋ ਸਕਦੇ ਨੇ ਸ਼ਾਮਲ

Uploaded Image
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ ਗੁਰਇਕਬਾਲ ਸਿੰਘ ਮਾਹਲ ਨੂੰ ਸੱਤਾਧਾਰੀ ਪਾਰਟੀ ਦੀ ਮੈਂਬਰਸ਼ਿਪ ਦਿਵਾਉਂਦੇ ਹੋਏ। (ਜ਼ੀਸ਼ਾਨ)

ਕਾਦੀਆਂ, 25 ਜੂਨ (ਜ਼ੀਸ਼ਾਨ): ਕਾਦੀਆਂ ਵਿਧਾਨ ਸਭਾ ਹਲਕੇ ਦੀ ਸਿਆਸਤ ਵਿੱਚ ਅੱਜ ਵੀਰਵਾਰ ਨੂੰ ਵੱਡਾ ਬਦਲਾਅ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਵਿਖੇ ਸੱਤਾਧਾਰੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਵਰਕਰਾਂ ਨੇ ਵੀ 'ਆਪ' ਦੀ ਮੈਂਬਰਸ਼ਿਪ ਹਾਸਲ ਕੀਤੀ।
ਗੁਰਇਕਬਾਲ ਸਿੰਘ ਮਾਹਲ ਲੰਬੇ ਸਮੇਂ ਤੋਂ ਕਾਦੀਆਂ ਹਲਕੇ ਦੀ ਸਿਆਸਤ ਵਿੱਚ ਸਰਗਰਮ ਰਹੇ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਦਿਆਂ ਕਰੀਬ 42 ਹਜ਼ਾਰ ਵੋਟਾਂ ਪ੍ਰਾਪਤ ਕੀਤੀਆਂ ਸਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਅਕਾਲੀ ਦਲ ਨੇ ਸੱਤ ਵਾਰਡਾਂ ਵਿੱਚ ਜਿੱਤ ਦਰਜ ਕਰਕੇ ਹਲਕੇ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਦਰਸਾਈ ਸੀ।
ਮਾਹਲ ਦੇ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਦੀਆਂ ਵਿਧਾਨ ਸਭਾ ਹਲਕੇ ਦੇ ਸਿਆਸੀ ਸਮੀਕਰਨਾਂ ਵਿੱਚ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਸਾਰਾ ਦਿਨ ਇਸ ਘਟਨਾਕ੍ਰਮ ਨੂੰ ਲੈ ਕੇ ਇਲਾਕੇ ਵਿੱਚ ਚਰਚਾਵਾਂ ਦਾ ਦੌਰ ਚੱਲਦਾ ਰਿਹਾ ਅਤੇ ਦੇਰ ਸ਼ਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੇ ਪਾਰਟੀ ਬਦਲਣ ਦੀ ਅਧਿਕਾਰਕ ਪੁਸ਼ਟੀ ਹੋ ਗਈ।
ਸਿਆਸੀ ਸੂਤਰਾਂ ਅਨੁਸਾਰ ਨਗਰ ਕੌਂਸਲ ਵਿੱਚ ਅਕਾਲੀ ਦਲ ਦੇ ਸੱਤ ਕੌਂਸਲਰਾਂ ਵਿੱਚੋਂ ਪੰਜ ਕੌਂਸਲਰ ਗੁਰਇਕਬਾਲ ਸਿੰਘ ਮਾਹਲ ਦੇ ਨਾਲ ਜਾ ਸਕਦੇ ਹਨ, ਜਦਕਿ ਦੋ ਕੌਂਸਲਰਾਂ ਦੇ ਅਕਾਲੀ ਦਲ ਨਾਲ ਹੀ ਬਣੇ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਕਾਂਗਰਸ ਕੋਲ ਪੰਜ ਕੌਂਸਲਰ ਹਨ, ਜਦਕਿ ਇੱਕ ਆਜ਼ਾਦ ਕੌਂਸਲਰ ਅਹਿਮਦੀਆ ਮੁਸਲਿਮ ਭਾਈਚਾਰੇ ਨਾਲ ਸੰਬੰਧਿਤ ਹੈ। ਅਜਿਹੇ ਵਿੱਚ ਨਗਰ ਕੌਂਸਲ ਵਿੱਚ ਫਿਲਹਾਲ ਕਿਸੇ ਵੀ ਪਾਰਟੀ ਕੋਲ ਸਪੱਸ਼ਟ ਬਹੁਮਤ ਨਹੀਂ ਬਣ ਰਿਹਾ ਅਤੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।
ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਗੁਰਇਕਬਾਲ ਸਿੰਘ ਮਾਹਲ ਦੇ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਦੀਆਂ ਹਲਕੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ। ਇਸ ਨਾਲ ਸੱਤਾਧਾਰੀ ਪਾਰਟੀ ਨੂੰ ਹਲਕੇ ਵਿੱਚ ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ, ਜਦਕਿ ਅਕਾਲੀ ਦਲ ਲਈ ਇਸ ਨੂੰ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਘਟਨਾਕ੍ਰਮ ਹਲਕੇ ਦੇ ਹੋਰ ਸਿਆਸੀ ਆਗੂਆਂ ਲਈ ਵੀ ਨਵੀਆਂ ਚੁਣੌਤੀਆਂ ਖੜ੍ਹੀਆਂ ਕਰ ਸਕਦਾ ਹੈ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਉਣ ਵਾਲੇ ਦਿਨਾਂ ਵਿੱਚ ਕਾਦੀਆਂ ਦਾ ਦੌਰਾ ਕਰ ਸਕਦੇ ਹਨ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਗੁਰਇਕਬਾਲ ਸਿੰਘ ਮਾਹਲ ਦਾ ਰਸਮੀ ਸਵਾਗਤ ਕਰ ਸਕਦੇ ਹਨ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਕ ਪ੍ਰੋਗਰਾਮ ਐਲਾਨਿਆ ਨਹੀਂ ਗਿਆ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਮਾਹਲ ਦੇ ਸੱਤਾਧਾਰ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਤ ਕੁਝ ਹੋਰ ਵੱਡੇ ਚੇਹਰੇ ਵੀ ਸੱਤਾਧਰ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਨ ਬਣਾਈ ਬੈਠੇ ਹਨ।

Post a Comment

© Qadian Times. All rights reserved. Distributed by ASThemesWorld