![]() |
| ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਸਹਾਇਕ ਰਿਟਰਨਿੰਗ ਅਫ਼ਸਰ। (ਜ਼ੀਸ਼ਾਨ) |
ਕਾਦੀਆਂ, 2 ਜੂਨ (ਜ਼ੀਸ਼ਾਨ) – ਕਾਦੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੂਜੇ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੀ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਜਿਸ ਕਾਰਨ ਨਾਮਜ਼ਦਗੀ ਕੇਂਦਰਾਂ 'ਤੇ ਰੌਣਕ ਵੇਖਣ ਨੂੰ ਮਿਲੀ। ਦੂਜੇ ਦਿਨ ਮੁੱਖ ਤੌਰ 'ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਆਪਣੇ ਕਾਗਜ਼ ਜਮ੍ਹਾਂ ਕਰਵਾਏ।
ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਦੀਆਂ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਵੀ ਮੌਜੂਦ ਰਹੇ। ਦੋਵਾਂ ਆਗੂਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦਾ ਹੌਸਲਾ ਵਧਾਇਆ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਦੀਆਂ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ, ਉਪ ਮੰਡਲ ਇੰਜੀਨੀਅਰ ਪੀ.ਡਬਲਿਊ.ਡੀ ਬਟਾਲਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਨੇ ਦੱਸਿਆ ਕਿ ਪਹਿਲੇ ਦਿਨ ਕੇਵਲ 3 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਦਕਿ ਦੂਜੇ ਦਿਨ 69 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕਾਂਗਰਸ ਦੇ 28, ਅਕਾਲੀ ਦਲ ਦੇ 21, ਭਾਜਪਾ ਦੇ 13, ਅਜ਼ਾਦ 10, ਇਸ ਤਰ੍ਹਾਂ ਹੁਣ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਅੱਜ 3 ਜੂਨ ਤੱਕ ਹੈ। ਇਸ ਤੋਂ ਬਾਅਦ ਕੱਲ 4 ਜੂਨ ਨੂੰ ਸਾਰੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੂੰ ਉਮੀਦ ਹੈ ਕਿ ਆਖਰੀ ਦਿਨ ਹੋਰ ਵੀ ਵੱਡੀ ਗਿਣਤੀ ਵਿੱਚ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਨਗੇ।
ਬਲਵਿੰਦਰ ਸਿੰਘ ਨੇ ਦੱਸਿਆ ਕਿ ਕਾਦੀਆਂ ਨਗਰ ਕੌਂਸਲ ਦੇ 15 ਵਾਰਡਾਂ ਲਈ ਕੁੱਲ 18 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। 13 ਜੂਨ ਨੂੰ ਵੋਟਿੰਗ ਕਰਵਾਈ ਜਾਵੇਗੀ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਕਰਕੇ ਨਤੀਜਿਆਂ ਦਾ ਐਲਾਨ ਵੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੋਲਿੰਗ ਸਟਾਫ਼ ਦੀ ਨਿਯੁਕਤੀ, ਵੋਟਿੰਗ ਕੇਂਦਰਾਂ ਦੀ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਦੇ ਆਪਣੇ ਮਤਾਧਿਕਾਰ ਦਾ ਇਸਤੇਮਾਲ ਕਰ ਸਕਣ।
ਕਾਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਚੋਣੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਜ਼ੋਰਾਂ 'ਤੇ ਹੈ।
