ਕਾਦੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾ ਕੰਮ ਜਾਰੀ, ਅੱਜ 3 ਉਮੀਦਵਾਰਾਂ ਨੇ ਭਰੇ ਕਾਗਜ਼- ਸੁਖਨੰਦਨਦੀਪ ਕੌਰ ਉੱਪਲ

Uploaded Image
ਸੁਖਨੰਦਨਦੀਪ ਕੌਰ ਉੱਪਲ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ)

ਕਾਦੀਆਂ, 1 ਜੂਨ (ਜ਼ੀਸ਼ਾਨ) – ਕਾਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਨੰਦਨਦੀਪ ਕੌਰ ਉੱਪਲ ਨੇ ਦੱਸਿਆ ਕਿ ਕਾਦੀਆਂ ਨਗਰ ਕੌਂਸਲ ਲਈ ਨਾਮਜ਼ਦਗੀ ਪੱਤਰ ਮਾਰਕੀਟ ਕਮੇਟੀ ਕਾਦੀਆਂ ਵਿਖੇ ਜਮ੍ਹਾਂ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਕਾਦੀਆਂ ਨਗਰ ਕੌਂਸਲ ਲਈ 3 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਰੀਕ 3 ਜੂਨ ਹੈ, ਜਦਕਿ 4 ਜੂਨ ਨੂੰ ਕਾਗਜ਼ਾਂ ਦੀ ਪੜਤਾਲ ਅਤੇ 5 ਜੂਨ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ।
ਸੁਖਨੰਦਨਦੀਪ ਕੌਰ ਉੱਪਲ ਨੇ ਦੱਸਿਆ ਕਿ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਉਸੇ ਦਿਨ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਹਰ ਪੜਾਅ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕਣ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਅਤੇ ਵੋਟ ਪਾਉਣ ਸਮੇਂ ਆਪਣਾ ਪਹਿਚਾਣ ਪੱਤਰ ਜਾਂ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਦਸਤਾਵੇਜ਼ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚੋਣਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਲੋਕਾਂ ਨਾਲ ਸੰਪਰਕ ਕਰਕੇ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਵਿੱਚ ਜੁਟੇ ਹੋਏ ਹਨ।
ਪ੍ਰਸ਼ਾਸਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਲਚ ਜਾਂ ਦਬਾਅ ਤੋਂ ਬਿਨਾਂ ਆਪਣੇ ਮਤ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣ।

Post a Comment

© Qadian Times. All rights reserved. Distributed by ASThemesWorld