![]() |
| ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦੇ ਹੋਏ ਸਾਬਕਾ ਸਰਪੰਚ ਸੁਲੱਖਣ ਮਸੀਹ ਅਤੇ ਹੋਰ ਪਤਵੰਤੇ। (ਜ਼ੀਸ਼ਾਨ) |
ਕਾਦੀਆਂ, 20 ਜੂਨ (ਜ਼ੀਸ਼ਾਨ): ਪਿੰਡ ਕ੍ਰਿਸਚਨ ਪੱਤੀ ਕਾਹਲਵਾਂ ਵਿਖੇ ਫੂਡ ਸਪਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਰਾਸ਼ਨ ਡਿਪੂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਪਰਿਵਾਰ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕਾਦੀਆਂ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ਮਸੀਹ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸਰਕਾਰੀ ਰਾਸ਼ਨ ਕਿੱਟਾਂ ਯੋਗ ਪਰਿਵਾਰਾਂ ਵਿੱਚ ਵੰਡੀਆਂ ਗਈਆਂ ਹਨ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਹਾਇਤਾ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਵੱਲੋਂ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਅਤੇ ਭਲਾਈ ਯੋਜਨਾਵਾਂ ਨੂੰ ਪਹਿਲ ਦੇ ਆਧਾਰ ’ਤੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕ੍ਰਿਸਚਨ ਪੱਤੀ ਕਾਹਲਵਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਸੁਲੱਖਣ ਮਸੀਹ ਨੇ ਕਿਹਾ ਕਿ ਉਹ ਕ੍ਰਿਸਚਨ ਪੱਤੀ ਕਾਹਲਵਾਂ ਦੇ ਲੋਕਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਸਮਝਦੇ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਆਪਣਾ ਫਰਜ਼ ਮੰਨਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਹਾਇਤਾ ਤੋਂ ਇਲਾਵਾ ਵੀ ਉਹ ਹਰ ਲੋੜਵੰਦ ਵਿਅਕਤੀ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਹਨ।
ਇਸ ਮੌਕੇ ਪਿੰਡ ਦੀ ਮੌਜੂਦਾ ਸਰਪੰਚ ਮੋਨਾ, ਉਨ੍ਹਾਂ ਦੇ ਪਤੀ ਅਤੇ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰ ਹਾਜ਼ਰ ਸਨ।
