![]() |
| ਕਾਦੀਆਂ ਵਿੱਚ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਦੌਰਾਨ ਗੱਲਬਾਤ ਕਰਦੇ ਐਸ.ਐਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਸ਼ਹਿਰ ਵਿੱਚ ਮਾਰਚ ਕਰਦੇ ਪੁਲਿਸ ਅਧਿਕਾਰੀ ਤੇ ਕਰਮਚਾਰੀ।(ਜ਼ੀਸ਼ਾਨ) |
ਕਾਦੀਆਂ, 12 ਜੂਨ (ਜ਼ੀਸ਼ਾਨ): ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਾਦੀਆਂ ਸ਼ਹਿਰ ਵਿੱਚ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੀਤਾ।
ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਥਾਵਾਂ 'ਤੇ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿੱਚ ਪੁਲਿਸ ਕਰਮਚਾਰੀਆਂ ਸਮੇਤ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਵੀ ਡਿਊਟੀ ਲਗਾਈ ਗਈ ਹੈ ਤਾਂ ਜੋ ਵੋਟਿੰਗ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਤਤਪਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਥਾਣਾ ਕਾਦੀਆਂ ਦੇ ਐਸ.ਐਚ.ਓ ਕਮਲਪ੍ਰੀਤ ਸਿੰਘ ਨੇ ਵੀ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਕਾਨੂੰਨੀ ਸਹਾਇਤਾ ਲਈ ਲੋਕ ਪੁਲਿਸ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਐਸ.ਪੀ ਰਮਨਦੀਪ ਸਿੰਘ, ਡੀ.ਐਸ.ਪੀ ਮਨੋਜ ਕੁਮਾਰ, ਡੀ.ਐਸ.ਪੀ ਤੇਜਿੰਦਰਪਾਲ ਸਿੰਘ ਗੁਰਾਇਆ, ਡੀ.ਐਸ.ਪੀ ਗੁਰਵਿੰਦਰ ਸਿੰਘ, ਡੀ.ਐਸ.ਪੀ ਸਮੀਰ ਸਿੰਘ, ਡੀ.ਐਸ.ਪੀ ਕਸਤੂਰੀ ਲਾਲ, ਐਸ.ਐਚ.ਓ ਕਮਲਪ੍ਰੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
