![]() |
| ਭੇਦਭਰੇ ਹਾਲਾਤਾਂ ਵਿੱਚ ਮੌਤ ਦਾ ਸ਼ਿਕਾਰ ਹੋਈ ਕਾਜਲ ਦੀ ਫਾਈਲ ਫੋਟੋ। (ਜ਼ੀਸ਼ਾਨ) |
ਕਾਦੀਆਂ, 9 ਜੂਨ (ਜ਼ੀਸ਼ਾਨ): ਨਜ਼ਦੀਕੀ ਪਿੰਡ ਬੁੱਟਰ ਕਲਾਂ ਵਿੱਚ ਤਿੰਨ ਮਹੀਨੇ ਪਹਿਲਾਂ ਵਿਆਹੀ ਇੱਕ ਨੌਜਵਾਨ ਲੜਕੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਾਜਲ ਪੁੱਤਰੀ ਰਤਨ ਲਾਲ ਵਾਸੀ ਪਿੰਡ ਧਰਮਕੋਟ ਬੱਗਾ ਵਜੋਂ ਹੋਈ ਹੈ, ਜਿਸ ਦਾ ਕਰੀਬ ਤਿੰਨ ਮਹੀਨੇ ਪਹਿਲਾਂ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਬੁੱਟਰ ਕਲਾਂ ਨਾਲ ਵਿਆਹ ਹੋਇਆ ਸੀ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਥਾਣਾ ਸੇਖਵਾਂ ਦੀ ਐਸ.ਐਚ.ਓ. ਰਜਵੰਤ ਕੌਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ।
ਮ੍ਰਿਤਕਾ ਦੇ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਕਤਲ ਦੇ ਦੋਸ਼ ਲਗਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਦੇ ਗਲੇ 'ਤੇ ਨਿਸ਼ਾਨ ਵੀ ਦਿਖਾਈ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਮੌਤ ਕੁਦਰਤੀ ਨਹੀਂ ਹੈ।
ਉੱਧਰ ਐਸ.ਐਚ.ਓ. ਰਜਵੰਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
