ਕਾਦੀਆਂ ਵਿੱਚ ਟਰੈਫਿਕ ਸਮੱਸਿਆ ਬਣੀ ਗੰਭੀਰ, ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਹੋ ਰਹੀ ਭਾਰੀ ਪਰੇਸ਼ਾਨੀ

ਪੁਲਿਸ ਥਾਣਾ ਕਾਦੀਆਂ ਨੇੜੇ ਟਰੈਫਿਕ ਜਾਮ ਵਿੱਚ ਫਸੇ ਲੋਕਾਂ ਦਾ ਦ੍ਰਿਸ਼। (ਜ਼ੀਸ਼ਾਨ)


ਕਾਦੀਆਂ, 4 ਜੂਨ (ਜ਼ੀਸ਼ਾਨ): ਕਾਦੀਆਂ ਸ਼ਹਿਰ ਵਿੱਚ ਵਧ ਰਹੀ ਟਰੈਫਿਕ ਸਮੱਸਿਆ ਕਾਰਨ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਰੋਜ਼ਾਨਾ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ, ਖਾਸ ਕਰਕੇ ਪੁਲਿਸ ਥਾਣਾ ਕਾਦੀਆਂ ਨੇੜੇ, ਅਕਸਰ ਟਰੈਫਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ।
ਇਸ ਸਬੰਧੀ ਇੰਟਰਨੈਸ਼ਨਲ ਹਿਊਮਨ ਰਾਈਟਸ ਡਿਫੈਂਡਰ ਦੇ ਪੰਜਾਬ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਕਾਦੀਆਂ ਨੇ ਕਿਹਾ ਕਿ ਟਰੈਫਿਕ ਜਾਮ ਕਾਰਨ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ ਅਤੇ ਸਕੂਲੀ ਬੱਚਿਆਂ ਨੂੰ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਵੱਧ ਰਹੀ ਗਿਣਤੀ, ਨਾਜਾਇਜ਼ ਕਬਜ਼ੇ, ਤੰਗ ਸੜਕਾਂ, ਓਵਰਲੋਡ ਵਾਹਨਾਂ ਦੀ ਆਵਾਜਾਈ ਅਤੇ ਟਰੈਫਿਕ ਨਿਯਮਾਂ ਦੀ ਅਣਪਾਲਣਾ ਇਸ ਸਮੱਸਿਆ ਦੇ ਮੁੱਖ ਕਾਰਨ ਹਨ।
ਉਨ੍ਹਾਂ ਦੱਸਿਆ ਕਿ ਸੜਕਾਂ 'ਤੇ ਰੇਹੜੀਆਂ, ਫੜ੍ਹੀਆਂ ਅਤੇ ਦੁਕਾਨਦਾਰਾਂ ਵੱਲੋਂ ਸਮਾਨ ਰੱਖਣ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਇਸ ਦੇ ਨਾਲ ਹੀ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਕਾਰਨ ਪ੍ਰਦੂਸ਼ਣ ਵੀ ਵਧ ਰਿਹਾ ਹੈ, ਜਿਸ ਦਾ ਅਸਰ ਲੋਕਾਂ ਦੀ ਸਿਹਤ 'ਤੇ ਪੈ ਰਿਹਾ ਹੈ।
ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਟਰੈਫਿਕ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਟਰੈਫਿਕ ਵਿਵਸਥਾ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ।


Post a Comment

© Qadian Times. All rights reserved. Distributed by ASThemesWorld