ਕਾਦੀਆਂ ਭਾਜਪਾ ਦੇ ਦੋ ਕੌਂਸਲਰ ਅਕਾਲੀ ਦਲ(ਬ) ਵਿੱਚ ਹੋਏ ਸ਼ਾਮਲ, ਕਾਦੀਆਂ ਵਿੱਚ ਅਕਾਲੀ ਦਲ ਹੋਰ ਮਜ਼ਬੂਤ ਹੋਇਆ- ਗੁਰਇਕਬਾਲ ਸਿੰਘ ਮਾਹਲ


Uploaded Image
ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਕੌਂਸਲਰ ਰਾਜ ਕੁਮਾਰ ਅਤੇ ਸਰਬਜੀਤ ਸਿੰਘ ਭੱਤੂ ਮਾਹਲ ਦਾ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਜਥੇਦਾਰ ਗੋਰਾ, ਸ਼ੈਬੀ ਭਾਟੀਆ। (ਜ਼ੀਸ਼ਾਨ)

ਕਾਦੀਆਂ, 14 ਜੂਨ (ਜ਼ੀਸ਼ਾਨ): ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਕਾਦੀਆਂ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਭਾਜਪਾ ਦੇ ਟਿਕਟ 'ਤੇ ਜਿੱਤੇ ਕੌਂਸਲਰ ਰਾਜ ਕੁਮਾਰ ਅਤੇ ਸਰਬਜੀਤ ਸਿੰਘ ਭੱਤੂ ਮਾਹਲ ਨੇ ਭਾਜਪਾ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਦੋਵੇਂ ਆਗੂਆਂ ਨੂੰ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।
ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ਵਿੱਚ ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਡੀ ਜਿੱਤ ਦਰਜ ਕਰੇਗੀ।
ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਕੌਂਸਲਰ ਰਾਜ ਕੁਮਾਰ ਅਤੇ ਸਰਬਜੀਤ ਸਿੰਘ ਭੱਤੂ ਮਾਹਲ ਨੇ ਕਿਹਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਅਤੇ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਮੁੜ ਅਕਾਲੀ ਦਲ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਉਹ ਦਿਨ-ਰਾਤ ਮਿਹਨਤ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ 2027 ਦੀਆਂ ਚੋਣਾਂ ਵਿੱਚ ਕਾਦੀਆਂ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਕੰਮ ਕਰਨਗੇ।
ਗੁਰਇਕਬਾਲ ਸਿੰਘ ਮਾਹਲ ਨੇ ਪੰਜਾਬ ਦੀ ਸੱਤਾ ਪਾਰਟੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਾ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗੁੰਡਾਗਰਦੀ ਅਤੇ ਕਤਲ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਸੱਤਾ ਧਾਰੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਹੁਣ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ।
ਮਾਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਪਾਰਟੀ ਹੈ ਅਤੇ 2027 ਵਿੱਚ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ "ਰੰਗਲਾ ਪੰਜਾਬ" ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਹਨ।
ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਅਤੇ ਅਕਾਲੀ ਆਗੂ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ, ਕੌਂਸਲਰ ਸੁਖਪ੍ਰੀਤ ਸਿੰਘ ਸ਼ੈਬੀ ਭਾਟੀਆ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld