![]() |
| ਪਿੰਡ ਨਾਥਪੁਰ ਵਿੱਚ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਹਨੇਰੇ ਵਿੱਚ ਡੁੱਬਿਆ ਇਲਾਕਾ ਅਤੇ ਬਿਜਲੀ ਵਿਭਾਗ ਦਾ ਲੋਗੋ। (ਜ਼ੀਸ਼ਾਨ) |
ਕਾਦੀਆਂ, 27 ਜੂਨ (ਜ਼ੀਸ਼ਾਨ): ਸਬ-ਡਿਵੀਜ਼ਨ ਕਾਦੀਆਂ ਅਧੀਨ ਆਉਂਦੇ ਪਿੰਡ ਨਾਥਪੁਰ ਵਿੱਚ ਸ਼ੁੱਕਰਵਾਰ ਰਾਤ ਕਰੀਬ 11 ਵਜੇ ਤੋਂ ਸ਼ਨੀਵਾਰ ਸਵੇਰੇ 7 ਵਜੇ ਤੱਕ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗਰਮੀ ਅਤੇ ਹਨੇਰੇ ਕਾਰਨ ਖ਼ਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਹੋਰ ਲੋਕਾਂ ਨੂੰ ਪੂਰੀ ਰਾਤ ਪਰੇਸ਼ਾਨੀ ਝੱਲਣੀ ਪਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਹਿਊਮਨ ਰਾਈਟ ਡਿਫੈਂਡਰ ਪੰਜਾਬ ਦੇ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਪਿੰਡ ਦੇ ਕੁਝ ਘਰਾਂ ਦੀ ਬਿਜਲੀ ਸਪਲਾਈ ਅਚਾਨਕ ਬੰਦ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਬਿਜਲੀ ਵਿਭਾਗ ਦੇ ਕਾਦੀਆਂ ਦਫ਼ਤਰ ਨਾਲ ਸੰਪਰਕ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਸਪਲਾਈ ਚਾਲੂ ਹੈ ਅਤੇ ਸੰਬੰਧਿਤ ਜੇ.ਈ. ਨਾਲ ਗੱਲ ਕਰਨ ਲਈ ਕਿਹਾ ਗਿਆ।
ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਸੰਬੰਧਿਤ ਜੇ.ਈ. ਸੁਖਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਬਿਜਲੀ ਸਪਲਾਈ ਟਰਾਂਸਫਾਰਮਰ ਦੀ ਖ਼ਰਾਬੀ ਕਾਰਨ ਬੰਦ ਹੈ ਅਤੇ ਸਵੇਰੇ ਹੀ ਚਾਲੂ ਹੋਵੇਗੀ।
ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਰਾਤ ਸਮੇਂ ਬਿਜਲੀ ਸਪਲਾਈ ਪ੍ਰਭਾਵਿਤ ਹੋਣ 'ਤੇ ਵਿਭਾਗ ਵੱਲੋਂ ਕਰਮਚਾਰੀ ਤਾਇਨਾਤ ਹੁੰਦੇ ਹਨ, ਪਰ ਪਿੰਡਾਂ ਵਿੱਚ ਰਾਤ ਸਮੇਂ ਸਪਲਾਈ ਬਹਾਲ ਕਰਨ ਲਈ ਕੋਈ ਕਰਮਚਾਰੀ ਡਿਊਟੀ 'ਤੇ ਨਾ ਹੋਣ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੱਕ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।
ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ। ਉਨ੍ਹਾਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਪਿੰਡਾਂ ਵਿੱਚ ਵੀ ਰਾਤ ਸਮੇਂ ਬਿਜਲੀ ਸਪਲਾਈ ਬਹਾਲ ਕਰਨ ਲਈ ਲੋੜੀਂਦੇ ਕਰਮਚਾਰੀ ਤਾਇਨਾਤ ਕੀਤੇ ਜਾਣ।
ਜਦ ਇਸ ਸਬੰਧੀ ਜੇ.ਈ. ਸੁਖਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾ ਉਨ੍ਹਾਂ ਕਿਹਾ ਕਿ ਪਿੰਡ ਦੀ ਬਿਜਲੀ ਸਪਲਾਈ ਟਰਾਂਸਫਾਰਮਰ ਦੀ ਖ਼ਰਾਬੀ ਕਾਰਨ ਪ੍ਰਭਾਵਿਤ ਹੋਈ ਸੀ ਅਤੇ ਰਾਤ ਸਮੇਂ ਕਰਮਚਾਰੀ ਉਪਲਬਧ ਨਾ ਹੋਣ ਕਾਰਨ ਮੁਰੰਮਤ ਦਾ ਕੰਮ ਸਵੇਰੇ ਕਰ ਦਿੱਤਾ ਗਿਆ ਹੈ ।
