![]() |
| ਥਾਣਾ ਕਾਦੀਆਂ ਅੱਗੇ ਧਰਨਾ ਦਿੰਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਅਕਾਲੀ ਵਰਕਰ। (ਜ਼ੀਸ਼ਾਨ) |
ਕਾਦੀਆਂ, 25 ਜੁਲਾਈ (ਜ਼ੀਸ਼ਾਨ) - ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੌਰਾਨ ਅਕਾਲੀ ਕੌਂਸਲਰ ਸੁਖਪ੍ਰੀਤ ਸਿੰਘ ਸੈਬੀ ਭਾਟੀਆ ''ਤੇ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਥਾਣਾ ਕਾਦੀਆਂ ਦਾ ਘਿਰਾਓ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕੀਤੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ।
ਧਰਨੇ ਵਿੱਚ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਕਾਕੀ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਰਾਜਨਬੀਰ ਸਿੰਘ ਘੁਮਾਣ, ਤਰਲੋਕ ਸਿੰਘ ਬਾਠ, ਸੁਖਬੀਰ ਸਿੰਘ ਵਾਹਲਾ ਸਮੇਤ ਹੋਰ ਕਈ ਆਗੂ ਮੌਜੂਦ ਸਨ।
ਸੰਬੋਧਨ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਇਸ਼ਾਰੇ ''ਤੇ ਨਗਰ ਕੌਂਸਲ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਪੁਲਿਸ ਵੱਲੋਂ ਵਿਰੋਧੀ ਧਿਰ ਦੇ ਕੌਂਸਲਰਾਂ ਨਾਲ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਕੌਂਸਲਰ ਸੁਖਪ੍ਰੀਤ ਸਿੰਘ ਸੈਬੀ ਭਾਟੀਆ ''ਤੇ ਝੂਠਾ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕੰਵਲਪ੍ਰੀਤ ਸਿੰਘ ਕਾਕੀ, ਰਾਜਨਬੀਰ ਸਿੰਘ ਘੁਮਾਣ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਤਰਲੋਕ ਸਿੰਘ ਬਾਠ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਦਰਜ ਮਾਮਲਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਚੋਣ ਦੌਰਾਨ ਲੋਕਤੰਤਰੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਵਿਰੋਧੀ ਧਿਰ ਦੇ ਨੁਮਾਇੰਦਿਆਂ ਨਾਲ ਪੱਖਪਾਤ ਕੀਤਾ ਗਿਆ।
ਕਰੀਬ ਦੋ ਘੰਟੇ ਚੱਲੇ ਧਰਨੇ ਤੋਂ ਬਾਅਦ ਡੀਐੱਸਪੀ ਮਨੋਜ ਕੁਮਾਰ ਧਰਨੇ ਵਾਲੀ ਥਾਂ ''ਤੇ ਪਹੁੰਚੇ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੁਖਪ੍ਰੀਤ ਸਿੰਘ ਸੈਬੀ ਭਾਟੀਆ ਤੇ ਦਰਜ ਮਾਮਲੇ ਦੀ ਉਪਰੋਕਤ ਜਾਂਚ ਕਿੱਤੀ ਜਾਵੇਗੀ। ਡੀਐੱਸਪੀ ਦੇ ਇਸ ਭਰੋਸੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਅਤੇ ਅਕਾਲੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਸ਼ਾਂਤੀਪੂਰਵਕ ਵਾਪਸੀ ਕੀਤੀ।
