ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਨੇ ਡੇਢ ਕਿਲੋਮੀਟਰ ਸੜਕ ਦੇ ਨਵ-ਨਿਰਮਾਣ ਕਾਰਜ ਦਾ ਕੀਤਾ ਉਦਘਾਟਨ

ਕਾਦੀਆਂ ਦੇ ਆਪ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੱਲੋਂ ਵਰਿਆਮ ਸਵੀਟ ਸ਼ਾਪ ਨੇੜੇ ਨਵ-ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 3 ਜੁਲਾਈ (ਜ਼ੀਸ਼ਾਨ): ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੱਲੋਂ ਅੱਜ ਵਰਿਆਮ ਸਵੀਟ ਸ਼ਾਪ ਨੇੜੇ ਲਗਭਗ ਡੇਢ ਕਿਲੋਮੀਟਰ ਲੰਬੀ ਸੜਕ ਦੇ ਨਵ-ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸੜਕ ਦੇ ਨਵ-ਨਿਰਮਾਣ ਲਈ 40 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਵੱਲੋਂ ਕਰਵਾਇਆ ਜਾ ਰਿਹਾ ਪਹਿਲਾ ਵਿਕਾਸ ਕਾਰਜ ਹੈ, ਜਿਸ ਦੀ ਸ਼ੁਰੂਆਤ ਇਲਾਕੇ ਦੀ ਜਨਤਾ ਨੂੰ ਸਮਰਪਿਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਦੀਆਂ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ। ਸ਼ਹਿਰ ਦੀਆਂ ਸੜਕਾਂ, ਸਫ਼ਾਈ ਪ੍ਰਬੰਧ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਅਤੇ ਜਲ ਭਰਾਅ ਦੀ ਸਮੱਸਿਆ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ ਅਤੇ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਕਿ ਨਗਰ ਕੌਂਸਲ ਪ੍ਰਸ਼ਾਸਨ ਨੂੰ ਸ਼ਹਿਰ ਦੇ ਨਾਲਿਆਂ ਅਤੇ ਪਾਣੀ ਦੀ ਨਿਕਾਸੀ ਵਾਲੇ ਰਸਤਿਆਂ ਦੀ ਤੁਰੰਤ ਸਫ਼ਾਈ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਕਿਸੇ ਵੀ ਥਾਂ ਪਾਣੀ ਨਾ ਖੜ੍ਹੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ, ਕੌਂਸਲਰ ਗੁਰਦਿਲਬਾਗ ਸਿੰਘ ਮਾਹਲ, ਐੱਸ.ਡੀ.ਓ. ਨਿਰਮਲ ਸਿੰਘ, ਸਾਬਕਾ ਕੌਂਸਲਰ ਵਿਜੇ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld