![]() |
| ਕਾਦੀਆਂ ਚ ਗੁਰਇਕਬਾਲ ਸਿੰਘ ਮਾਹਲ ਪ੍ਰੈਸ ਕਾਨਫਰੰਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਾਇਰ ਪਟੀਸ਼ਨ ਵਾਪਸ ਲੈਣ ਸੰਬੰਧੀ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 28 ਜੁਲਾਈ (ਜ਼ੀਸ਼ਾਨ): ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ 16 ਜੁਲਾਈ ਨੂੰ ਹੋਈ ਚੋਣ ਪੂਰੀ ਤਰ੍ਹਾਂ ਕਾਨੂੰਨੀ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲਏ ਜਾਣ ਤੋਂ ਬਾਅਦ ਸੱਚ ਦੀ ਜਿੱਤ ਹੋਈ ਹੈ।
ਮਾਹਲ ਨੇ ਦੱਸਿਆ ਕਿ ਚੋਣ ਦੌਰਾਨ ਕੁੱਲ 9 ਕੌਂਸਲਰ ਹਾਜ਼ਰ ਸਨ, ਜਿਨ੍ਹਾਂ ਵਿੱਚੋਂ 8 ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਲੈਂਦਿਆਂ ਕੁਲਵਿੰਦਰ ਕੌਰ ਨੂੰ ਨਗਰ ਕੌਂਸਲ ਪ੍ਰਧਾਨ ਅਤੇ ਗੁਰਦਿਲਬਾਗ ਸਿੰਘ ਨੀਟਾ ਮਾਹਲ ਨੂੰ ਉਪ ਪ੍ਰਧਾਨ ਚੁਣਿਆ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨਿਯਮਾਂ ਅਨੁਸਾਰ ਪੂਰੀ ਕੀਤੀ ਗਈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਨਹੀਂ ਹੋਈ।
ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਨਤੀਜਿਆਂ ਤੋਂ ਬਾਅਦ ਵਿਰੋਧੀ ਧਿਰ ਨੇ ਬੇਬੁਨਿਆਦ ਇਲਜ਼ਾਮ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਚੋਣ ਨੂੰ ਵਿਵਾਦਿਤ ਬਣਾਉਣ ਦੀ ਕੋਸ਼ਿਸ਼ ਕੀਤੀ। ਮਾਹਲ ਦਾ ਕਹਿਣਾ ਸੀ ਕਿ ਮਾਮਲਾ ਹਾਈ ਕੋਰਟ ਤੱਕ ਪਹੁੰਚਿਆ, ਪਰ ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਸਾਬਤ ਨਹੀਂ ਹੋ ਸਕੀ ਅਤੇ ਆਖ਼ਰਕਾਰ ਪਟੀਸ਼ਨ ਵਾਪਸ ਲੈ ਲਈ ਗਈ। ਉਨ੍ਹਾਂ ਇਸ ਨੂੰ ਸੱਚ ਅਤੇ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ।
ਪ੍ਰੈੱਸ ਕਾਨਫਰੰਸ ਦੌਰਾਨ ਗੁਰਇਕਬਾਲ ਸਿੰਘ ਮਾਹਲ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਅਦਾਲਤੀ ਕਾਰਵਾਈ ਦੌਰਾਨ ਵਿਰੋਧੀ ਧਿਰ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਅਸਫਲ ਰਹੀ। ਮਾਹਲ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਝੂਠੇ ਦੋਸ਼ ਲਗਾਏ ਗਏ ਹਨ, ਜਿਸ ਕਾਰਨ ਉਹ ਆਉਣ ਵਾਲੇ ਦਿਨਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ।
ਜ਼ਿਕਰਯੋਗ ਹੈ ਕਿ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਨਗਰ ਕੌਂਸਲ ਚੋਣ ਪ੍ਰਕਿਰਿਆ 'ਤੇ ਗੰਭੀਰ ਸਵਾਲ ਉਠਾਉਂਦਿਆਂ ਚੋਣ ਦੌਰਾਨ ਕੌਂਸਲਰਾਂ ਨੂੰ ਰੋਕਣ ਅਤੇ ਲੋਕਤੰਤਰ ਦਾ ਘਾਣ ਕਰਨ ਦੇ ਦੋਸ਼ ਲਗਾਏ ਸਨ, ਜਦਕਿ ਮਾਹਲ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਸੀ।
ਇਸ ਮੌਕੇ ਪਲਵਿੰਦਰ ਕੌਰ ਮਾਹਲ ਪ੍ਰਧਾਨ ਨਗਰ ਕੌਂਸਲ, ਗੁਰਦਿਲਬਾਗ ਸਿੰਘ ਨੀਟਾ ਮਾਹਲ ਮੀਤ ਪ੍ਰਧਾਨ, ਸਰਬਜੀਤ ਸਿੰਘ ਮਾਹਲ, ਹਰਪ੍ਰੀਤ ਕੌਰ, ਹਰਪ੍ਰੀਤ ਮਾਹਲ, ਪੂਜਾ ਰਾਣੀ, ਸੁਰਿੰਦਰ ਪਾਲ, ਰਾਜਕੁਮਾਰ, ਗਿੰਨੀ ਭਾਟੀਆ, ਵਿਜੇ ਕੁਮਾਰ, ਅਸ਼ੋਕ ਕੁਮਾਰ, ਦਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ, ਗੌਰਵ ਭਨੋਟ, ਗੁਰਬਿੰਦਰ ਮਾਹਲ, ਸੂਰਜ ਮਾਹਲ, ਸਾਗਰ ਮਾਹਲ ਆਦਿ ਮੌਜੂਦ ਸਨ।
