ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਹੰਗਾਮਾ, ਕਾਂਗਰਸ ਤੇ ‘ਆਪ’ ਆਹਮੋ-ਸਾਹਮਣੇ, ਬਾਜਵਾ ਨੇ ਲਾਏ ਗੰਭੀਰ ਦੋਸ਼

Uploaded Image
ਕਾਦੀਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਕਾਂਗਰਸੀ ਵਿਧਾਇਕਾਂ ਨੂੰ ਲੈਕੇ ਜਾਂਦਿਆਂ, ਜਗੜੇ ਦੇ ਦ੍ਰਿਸ਼, ਪ੍ਰਤਾਪ ਬਾਜਵਾ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ)

ਕਾਦੀਆਂ, 16 ਜੁਲਾਈ (ਜ਼ੀਸ਼ਾਨ): ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਵੀਰਵਾਰ ਨੂੰ ਸਿਆਸੀ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਆਹਮੋ-ਸਾਹਮਣੇ ਆ ਗਏ। ਇਸ ਦੌਰਾਨ ਕੌਂਸਲਰਾਂ ਵਿਚਾਲੇ ਧੱਕਾ-ਮੁੱਕੀ ਅਤੇ ਹੰਗਾਮਾ ਹੋਇਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ।
ਜਾਣਕਾਰੀ ਅਨੁਸਾਰ ਨਗਰ ਕੌਂਸਲ ਦਫ਼ਤਰ ਵੱਲ ਜਾ ਰਹੇ ਕਾਂਗਰਸੀ ਕੌਂਸਲਰਾਂ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਘਟਨਾ ਸਮੇਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਕੇ 'ਤੇ ਮੌਜੂਦ ਸਨ। ਹਮਲੇ ਤੋਂ ਬਾਅਦ ਇਲਾਕੇ ਵਿੱਚ ਭਾਰੀ ਭੀੜ ਇਕੱਠੀ ਹੋ ਗਈ ਅਤੇ ਮਾਹੌਲ ਤਣਾਅਪੂਰਨ ਬਣ ਗਿਆ। ਪੁਲਿਸ ਨੇ ਦਖ਼ਲ ਦੇ ਕੇ ਕੁਝ ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਗੁੰਡਾਰਾਜ ਚੱਲ ਰਿਹਾ ਹੈ ਅਤੇ ਨਗਰ ਕੌਂਸਲ ਦੀ ਚੋਣ ਜਿੱਤਣ ਲਈ ਸਰਕਾਰੀ ਮਸ਼ੀਨਰੀ ਅਤੇ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਜ਼ਾਦ ਕੌਂਸਲਰਾਂ ਅਤੇ ਆਪਣੀ ਵੋਟ ਸਮੇਤ ਉਨ੍ਹਾਂ ਕੋਲ ਬਹੁਮਤ ਮੌਜੂਦ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਾਬਕਾ ਪ੍ਰਧਾਨ ਜੁਗਿੰਦਰ ਕੁਮਾਰ (ਨੰਦੂ) ਨੂੰ ਅਗਵਾ ਕਰਕੇ ਕੁੱਟਮਾਰ ਕੀਤੀ ਗਈ ਅਤੇ ਕਾਂਗਰਸੀ ਕੌਂਸਲਰਾਂ 'ਤੇ ਦਬਾਅ ਬਣਾਉਣ ਲਈ ਝੂਠੇ ਕੇਸ ਦਰਜ ਕੀਤੇ ਗਏ ਹਨ।
ਦੂਜੇ ਪਾਸੇ ਆਪ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਜਿਨ੍ਹਾਂ ਤਿੰਨ ਵਿਅਕਤੀਆਂ 'ਤੇ ਪਰਚੇ ਦਰਜ ਹਨ, ਉਹ ਵੋਟ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।
ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਸੀਨੀਅਰ ਮਹਿਲਾ ਵਕੀਲ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਅਨੁਸਾਰ ਅਦਾਲਤ ਨੇ ਚੋਣ ਪ੍ਰਕਿਰਿਆ ਦੀ ਪੂਰੀ ਵੀਡੀਓਗ੍ਰਾਫੀ ਕਰਨ ਅਤੇ ਰਿਕਾਰਡ ਨੂੰ ਤਿੰਨ ਮਹੀਨੇ ਤੱਕ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਕੌਂਸਲਰ ਖ਼ਿਲਾਫ਼ ਮਾਮਲਾ ਦਰਜ ਹੋਣ ਜਾਂ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਉਸ ਦਾ ਵੋਟ ਪਾਉਣ ਦਾ ਅਧਿਕਾਰ ਨਹੀਂ ਛੀਣਿਆ ਜਾ ਸਕਦਾ।
ਇਸ ਸਬੰਧੀ ਐੱਸ.ਪੀ. ਰਮਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਨੇ ਸਮੇਂ ਸਿਰ ਦਖ਼ਲ ਦੇ ਕੇ ਸਥਿਤੀ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵੱਲੋਂ ਕੁੱਟਮਾਰ ਜਾਂ ਧੱਕੇਸ਼ਾਹੀ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post a Comment

© Qadian Times. All rights reserved. Distributed by ASThemesWorld