![]() |
| ਹਾਦਸੇ ਤੋਂ ਬਾਅਦ ਨੁਕਸਾਨੀ ਗਈ ਸਵਿਫਟ ਕਾਰ। (ਜ਼ੀਸ਼ਾਨ) |
ਕਾਦੀਆਂ, 9 ਜੁਲਾਈ (ਜ਼ੀਸ਼ਾਨ): ਕਾਦੀਆਂ-ਹਰਚੋਵਾਲ ਰੋਡ 'ਤੇ ਅੱਡਾ ਕਾਹਲਵਾਂ ਨੇੜੇ ਬੀਤੀ ਦੇਰ ਰਾਤ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਖੁਜਾਲਾ ਵਜੋਂ ਹੋਈ ਹੈ, ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਾਲਤ ਨਾਜ਼ੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਦਿੰਦਿਆਂ ਥਾਣਾ ਕਾਦੀਆਂ ਦੇ ਏ.ਐਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਜੋਗਾ ਸਿੰਘ ਆਪਣੇ ਮੋਟਰਸਾਈਕਲ 'ਤੇ ਕਾਦੀਆਂ ਤੋਂ ਆਪਣੇ ਪਿੰਡ ਖੁਜਾਲਾ ਵਾਪਸ ਜਾ ਰਿਹਾ ਸੀ। ਜਦੋਂ ਉਹ ਅੱਡਾ ਕਾਹਲਵਾਂ ਚੌਂਕ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇੱਕ ਸਵਿਫਟ ਕਾਰ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਤੋਂ ਤੁਰੰਤ ਬਾਅਦ ਕਾਰ ਸਵਾਰਾਂ ਅਤੇ ਪੁਲਿਸ ਵੱਲੋਂ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਅਗਲੇ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
