ਭਗਤ ਪੂਰਨ ਸਿੰਘ ਹਾਈ ਸਕੂਲ ਬੁਟਰ ਕਲਾਂ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਭਗਤ ਪੂਰਨ ਸਿੰਘ ਹਾਈ ਸਕੂਲ ਬੁਟਰ ਕਲਾਂ ਵਿਖੇ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ, ਇਨਾਮ ਦਿੰਦਿਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੀਆਂ ਵਿਦਿਆਰਥਣਾਂ। (ਜ਼ੀਸ਼ਾਨ)

ਕਾਦੀਆਂ, 17 ਅਗਸਤ (ਜ਼ੀਸ਼ਾਨ): ਭਗਤ ਪੂਰਨ ਸਿੰਘ ਹਾਈ ਸਕੂਲ ਬੁਟਰ ਕਲਾਂ ਵਿਖੇ ਆਜ਼ਾਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਪ੍ਰਧਾਨ ਡਾ. ਬੀਬੀ ਇੰਦਰਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜੇ ਨਾਲ ਸਬੰਧਤ ਗਿੱਧਾ, ਭੰਗੜਾ, ਕਵਿਤਾਵਾਂ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਸਟਾਫ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ। ਸਕੂਲ ਪ੍ਰਬੰਧਕਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਡਾ. ਬੀਬੀ ਇੰਦਰਜੀਤ ਕੌਰ ਅਤੇ ਹੋਰ ਮਹਿਮਾਨਾਂ ਨੂੰ ਭਗਤ ਪੂਰਨ ਸਿੰਘ ਦੀ ਤਸਵੀਰ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡਾ. ਬੀਬੀ ਇੰਦਰਜੀਤ ਕੌਰ ਅਤੇ ਹੋਰ ਆਗੂਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ, ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਸਮਾਗਮ ਦੌਰਾਨ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਮੁੱਖ ਮਹਿਮਾਨਾਂ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਬੀਬੀ ਇੰਦਰਜੀਤ ਕੌਰ, ਪਿੰਗਲਵਾੜਾ ਸੁਸਾਇਟੀ ਦੇ ਮੈਂਬਰ ਰਾਜਬੀਰ ਸਿੰਘ, ਪ੍ਰਿੰਸੀਪਲ ਲਖਵਿੰਦਰ ਕੌਰ, ਮੈਡਮ ਕਵਲਜੀਤ ਕੌਰ, ਪ੍ਰਿਤਪਾਲ ਕੌਰ, ਹਰਪ੍ਰੀਤ ਸਿੰਘ, ਮਨਮੋਹਨ ਗੁਪਤਾ, ਸਕੂਲ ਦਾ ਸਮੂਹ ਸਟਾਫ, ਸਰਪੰਚ ਗੁਰਵਿੰਦਰ ਸਿੰਘ ਬੁਟਰ ਕਲਾਂ, ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld